ਸੁਪਰੀਮ ਸਿੱਖ ਸੋਸਾਇਟੀ ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦਰਅਸਲ SGPC ਦੇ ਵੱਲੋਂ ਦਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੰਤਰਰਾਸ਼ਟਰੀ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ। ਮੰਗਲਵਾਰ ਨੂੰ ਐਡਵੋਕੇਟ ਧਾਮੀ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਇੱਛਾ ਹੈ ਕਿ ਵਿਦੇਸ਼ਾਂ ਵਿਚ ਵੀ ਸਿੱਖ ਭਾਈਚਾਰੇ ਨਾਲ ਸਬੰਧਿਤ ਕਾਰਜ ਕੀਤੇ ਜਾਣ। ਜਿਸ ਦੇ ਤਹਿਤ ਇੱਕ ਵੱਡਾ ਕਦਮ ਚੁੱਕਦਿਆਂ ਨਿਊਜ਼ੀਲੈਂਡ ਤੋਂ ਦਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੰਤਰਰਾਸ਼ਟਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇੰਨ੍ਹਾਂ ਹੀ ਨਹੀਂ ਇਸ ਦੌਰਾਨ ਐਡਵੋਕੇਟ ਧਾਮੀ ਨੇ ਆਉਣ ਵਾਲੇ ਦਿਨਾਂ ਵਿੱਚ ਕੁੱਝ ਹੋਰ ਮੁਲਕਾਂ ਤੋਂ ਵੀ ਉਕਤ ਨਿਯੁਕਤੀਆਂ ਹੋਣ ਦੀ ਜਾਣਕਾਰੀ ਸਾਂਝੀ ਕੀਤੀ।
ਮੌਜੂਦਾ ਸਮੇਂ ‘ਚ ਨਿਊਜ਼ੀਲੈਂਡ ਸੈਂਟਰਲ ਸਿੱਖ ਐਸ਼ੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ 1989 ਤੋਂ ਨਿਊਜ਼ੀਲੈਂਡ ਵਿੱਚ ਰਹਿ ਰਹੇ ਹਨ। ਉਹਨਾਂ ਦਾ ਪਿਛੋਕੜ ਪਿੰਡ ਸੈਫਲਾਬਾਦ, ਕਪੂਰਥਲਾ ਨਾਲ ਸਬੰਧਿਤ ਹੈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ 1991 ਤੋਂ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜੀਲੈਂਡ ਨਾਲ ਜੁੜੇ ਹੋਏ ਹਨ। ਜੇਕਰ ਦਲਜੀਤ ਸਿੰਘ ਜੀ ਦੀ ਗੱਲ ਕੀਤੀ ਜਾਵੇ ਤਾਂ ਉਹ ਅਕਸਰ ਨੂੰ ਨਿਊਜ਼ੀਲੈਂਡ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਅੱਗੇ ਰਹਿੰਦੇ ਹਨ।