ਪੰਜਾਬੀ ਗੀਤ ਇਕੱਲੇ ਪੰਜਾਬ ਹੀ ਨਹੀਂ ਸਗੋਂ ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਬਹੁਤ ਸੁਣੇ ਜਾਂਦੇ ਹਨ ਅਤੇ ਲੋਕ ਪੰਜਾਬੀ ਗੀਤਾਂ ਨੂੰ ਕਾਫੀ ਪਸੰਦ ਕਰਦੇ ਹਨ। ਪਰ ਕਈ ਗੀਤਾਂ ਵਿੱਚ ਹਥਿਆਰਾਂ ਦਾ ਬਹੁਤ ਪ੍ਰਦਰਸ਼ਨ ਕੀਤਾ ਜਾਂਦਾ ਹੈ। ਲੋਕਾਂ ਵਿੱਚ ਬੰਦੂਕ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੀ ਇਸ ਮਾਮਲੇ ‘ਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਸੀ। ਹੁਣ ਸਰਕਾਰ ਨੇ ਸਖ਼ਤ ਫੈਸਲਾ ਲੈਂਦਿਆਂ ਗੀਤਾਂ ‘ਚ ਗੰਨ ਕਲਚਰ ਹਿੰਸਾ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਹੁਣ ਜੇਕਰ ਕਿਸੇ ਗੀਤ ਵਿੱਚ ਅਜਿਹਾ ਪ੍ਰਦਰਸ਼ਨ ਕੀਤਾ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਦੇ ਅਧਿਕਾਰਤ ਹੁਕਮਾਂ ਅਨੁਸਾਰ ਰਾਜ ਸਰਕਾਰ ਨੇ ਅਗਲੇ ਤਿੰਨ ਮਹੀਨਿਆਂ ਵਿੱਚ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਵੀ ਹੁਕਮ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਭਾਈਚਾਰੇ ਖ਼ਿਲਾਫ਼ ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ‘ਆਪ’ ਸਰਕਾਰ ਨੂੰ ਸੂਬੇ ‘ਚ ਵਿਗੜਦੀ ਕਾਨੂੰਨ ਵਿਵਸਥਾ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਵਿੱਚ ਇਸ ਮਹੀਨੇ ਦੋ ਵੱਡੀਆਂ ਘਟਨਾਵਾਂ ਵਾਪਰੀਆਂ ਹਨ। ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੀ 4 ਨਵੰਬਰ ਨੂੰ ਅਤੇ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੀ 10 ਨਵੰਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ।
ਰਾਜ ਦੇ ਗ੍ਰਹਿ ਵਿਭਾਗ ਨੇ ਪੁਲਿਸ ਮੁਖੀ, ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਮੁਕੰਮਲ ਪਾਬੰਦੀ ਹੋਣੀ ਚਾਹੀਦੀ ਹੈ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਸਮੇਤ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਹੋਣੀ ਚਾਹੀਦੀ ਹੈ। ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾਈ ਜਾਵੇ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਅਸਲਾ ਲਾਇਸੈਂਸਾਂ ਦੀ ਤਿੰਨ ਮਹੀਨਿਆਂ ਵਿੱਚ ਸਮੀਖਿਆ ਕੀਤੀ ਜਾਵੇ ਅਤੇ ਜੇਕਰ ਕਿਸੇ ਗਲਤ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਕੀਤਾ ਗਿਆ ਹੈ ਤਾਂ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕੀਤੀ ਜਾਵੇ।