ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਸੋਮਵਾਰ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜੰਗਲਾਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਜੀਲੈਂਸ ਬਿਊਰੋ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰੇਗਾ। ਵਿਜੀਲੈਂਸ ਅਧਿਕਾਰੀ ਹੋਰ ਜਾਇਦਾਦਾਂ ਦੇ ਵੇਰਵੇ ਹਾਸਿਲ ਕਰਨਾ ਚਾਹੁੰਦੇ ਹਨ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ, ਜਦੋਂ ਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ। ਇਸ ‘ਚ 6 ਕਰੋੜ 39 ਲੱਖ ਰੁਪਏ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 269 ਫੀਸਦੀ ਜ਼ਿਆਦਾ ਹਨ।