ਸੀਨੀਅਰ ਨੇਤਾ ਦਿਨੇਸ਼ ਗੁਣਾਵਰਧਨੇ ਨੂੰ ਸ਼ੁੱਕਰਵਾਰ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ। ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਸ਼ੁੱਕਰਵਾਰ ਨੂੰ ਆਪਣੇ ਮੰਤਰੀ ਮੰਡਲ ਨੂੰ ਸਹੁੰ ਚੁਕਾਈ। ਗੁਣਾਵਰਧਨੇ ਨੂੰ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਕਾਰਜਕਾਲ ਦੌਰਾਨ ਅਪ੍ਰੈਲ ਵਿੱਚ ਗ੍ਰਹਿ ਮੰਤਰੀ ਬਣਾਇਆ ਗਿਆ ਸੀ। ਉਹ ਵਿਦੇਸ਼ ਮੰਤਰੀ ਅਤੇ ਸਿੱਖਿਆ ਮੰਤਰੀ ਵੀ ਰਹਿ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਵਿਕਰਮਾਸਿੰਘੇ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਅਹੁਦਾ ਖਾਲੀ ਹੋ ਗਿਆ ਸੀ। ਛੇ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਵਿਕਰਮਸਿੰਘੇ ਨੇ ਵੀਰਵਾਰ (21 ਜੁਲਾਈ) ਨੂੰ ਦੇਸ਼ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ।
