ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਸੰਗਰੂਰ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ 41 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਗੱਜਣ ਮਾਜਰਾ ਉਹੀ ਵਿਧਾਇਕ ਹਨ ਜਿਨ੍ਹਾਂ ਨੇ ਪੰਜਾਬ ਦੀ ਮਾੜੀ ਆਰਥਿਕ ਹਾਲਤ ਦਾ ਹਵਾਲਾ ਦਿੰਦੇ ਹੋਏ ਸਿਰਫ਼ ਇੱਕ ਰੁਪਏ ਤਨਖ਼ਾਹ ਲੈਣ ਦਾ ਐਲਾਨ ਕੀਤਾ ਸੀ। ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਹ ਪਾਰਟੀ ਦਫ਼ਤਰ ਵਿੱਚ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰ ਰਹੇ ਸਨ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਸੀਬੀਆਈ ਵੱਲੋਂ ਦਰਜ ਕੀਤੇ ਕੇਸ ਵਿੱਚ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਬੈਂਕ ਆਫ ਇੰਡੀਆ ਦੀ ਲੁਧਿਆਣਾ ਸ਼ਾਖਾ ਦੀ ਸ਼ਿਕਾਇਤ ‘ਤੇ ਉਨ੍ਹਾਂ ਦੇ ਖਿਲਾਫ 41 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪਿਛਲੇ ਸਾਲ ਮਈ 2022 ਵਿੱਚ ਸੀਬੀਆਈ ਅਤੇ ਸਤੰਬਰ 2022 ਵਿੱਚ ਈਡੀ ਨੇ ਅਮਰਗੜ੍ਹ ਵਿੱਚ ਉਨ੍ਹਾਂ ਦੇ ਘਰ ਅਤੇ ਹੋਰ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਸੀ, ਜਿਸ ਵਿੱਚ 16.57 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਸੀ। ਇਸ ਤੋਂ ਇਲਾਵਾ 88 ਵਿਦੇਸ਼ੀ ਕਰੰਸੀ ਨੋਟ, ਜਾਇਦਾਦ ਦੇ ਦਸਤਾਵੇਜ਼, ਕਈ ਬੈਂਕ ਖਾਤੇ ਅਤੇ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਸਨ।