ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਸੱਤ ਘੰਟੇ ਪੁੱਛਗਿੱਛ ਕੀਤੀ ਹੈ। ਵਿਜੀਲੈਂਸ ਨੇ ਚੰਨੀ ਤੋਂ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਇਦਾਦ ਨਾਲ ਸਬੰਧਿਤ 50 ਸਵਾਲ ਪੁੱਛੇ ਸਨ। ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਮੋਹਾਲੀ ਦਫਤਰ ‘ਚੋਂ ਬਾਹਰ ਆ ਕੇ ਉਨ੍ਹਾਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਮੁਗਲਾਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੀ ਹੈ। ਉਨ੍ਹਾਂ ਖ਼ਿਲਾਫ਼ ਬਿਨਾਂ ਕਿਸੇ ਆਧਾਰ ਦੇ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਿਜੀਲੈਂਸ ਬਿਊਰੋ ਚੰਨੀ ਵੱਲੋਂ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਵੀ ਜਾਂਚ ਕਰ ਰਹੀ ਹੈ। ਉਨ੍ਹਾਂ ਦੇ ਖਿਲਾਫ ਪਿਛਲੇ ਮਹੀਨੇ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਚੰਨੀ ਨੂੰ ਪਹਿਲਾਂ 20 ਅਪ੍ਰੈਲ ਨੂੰ ਬੁਲਾਇਆ ਗਿਆ ਸੀ ਪਰ ਵੀਰਵਾਰ ਸ਼ਾਮ ਨੂੰ ਹੀ ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਹੀ ਉਨ੍ਹਾਂ ਨੂੰ ਬੁਲਾ ਲਿਆ। ਚੰਨੀ ਸਵੇਰੇ 11 ਵਜੇ ਦੇ ਕਰੀਬ ਆਪਣੇ ਵਕੀਲਾਂ ਨਾਲ ਵਿਜੀਲੈਂਸ ਹੈੱਡਕੁਆਰਟਰ ਪੁੱਜੇ ਸਨ। ਪੁੱਛਗਿੱਛ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ।
ਪੁੱਛ-ਗਿੱਛ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਜੇਲ੍ਹ ‘ਚ ਡੱਕ ਸਕਦੀ ਹੈ। ਉਨ੍ਹਾਂ ਨੂੰ ਮਾਰਿਆ ਜਾ ਸਕਦਾ ਹੈ। ਸਰਕਾਰ ਇਸ ਲਈ ਯਤਨਸ਼ੀਲ ਹੈ। ਹਾਲਾਂਕਿ ਉਹ ਡਰਦੇ ਨਹੀਂ ਹਨ। ਉਹ ਸਰਕਾਰ ਦੇ ਜ਼ੁਲਮ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।