ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਟ ਵਿੱਚ ਐਤਵਾਰ ਨੂੰ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ, ਉਸਦੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਏਐਸਆਈ ਨੇ ਰਿਸ਼ਤੇਦਾਰ ਦਾ ਫ਼ੋਨ ਨਹੀਂ ਚੁੱਕਿਆ ਤਾਂ ਉਹ ਸ਼ਾਮ ਨੂੰ ਘਰ ਪਹੁੰਚੇ। ਜਦੋਂ ਘਰ ਦਾ ਤਾਲਾ ਤੋੜਿਆ ਗਿਆ ਤਾਂ ਅੰਦਰ ਤਿੰਨਾਂ ਦੀਆਂ ਲਾਸ਼ਾਂ ਪਈਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਕੁਲਦੀਪ ਸਿੰਘ 2019 ਵਿੱਚ ਪੰਜਾਬ ਪੁਲਿਸ ਵਿੱਚ ASI ਦੀ ਨੌਕਰੀ ਤੋਂ ਸੇਵਾਮੁਕਤ ਹੋਏ ਸਨ। ਇਸ ਤੋਂ ਬਾਅਦ ਉਹ ਆਪਣੀ ਪਤਨੀ ਅਤੇ ਪੁੱਤਰ ਨਾਲ ਹੰਬੜਾ ਦੇ ਪਿੰਡ ਨੂਰਪੁਰ ਬੇਟ ਵਿਖੇ ਰਹਿੰਦੇ ਸੀ। ਐਤਵਾਰ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਕੁਲਜੀਤ ਸਿੰਘ ਦੀ ਲੜਕੀ ਨੇ ਕੁਲਦੀਪ ਦੇ ਘਰ ਫੋਨ ਕੀਤਾ, ਪਰ ਕਿਸੇ ਨੇ ਨਹੀਂ ਚੁੱਕਿਆ। ਉਨ੍ਹਾਂ ਨੇ ਇਸ ਬਾਰੇ ਆਪਣੇ ਪਿਤਾ ਨੂੰ ਸੂਚਿਤ ਕੀਤਾ ਅਤੇ ਕੁਲਦੀਪ ਦੇ ਘਰ ਜਾਣ ਲਈ ਕਿਹਾ। ਸ਼ਾਮ ਨੂੰ ਜਦੋਂ ਕੁਲਜੀਤ ਉਨ੍ਹਾਂ ਦੇ ਘਰ ਪਹੁੰਚਿਆ ਤਾਂ ਮੇਨ ਗੇਟ ਖੁੱਲ੍ਹਾ ਸੀ ਪਰ ਅੰਦਰਲਾ ਗੇਟ ਬੰਦ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਸਰਪੰਚ ਨੂੰ ਮੌਕੇ ‘ਤੇ ਬੁਲਾਇਆ। ਇਸ ਤੋਂ ਬਾਅਦ ਗੇਟ ਤੋੜ ਦਿੱਤਾ ਗਿਆ। ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਸਾਰਿਆਂ ਦੇ ਹੋਸ਼ ਉੱਡ ਗਏ। ਕੁਲਦੀਪ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਵਰਾਂਡੇ ਵਿੱਚ ਪਈ ਸੀ। ਜਦਕਿ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਗੁਰਵਿੰਦਰ ਸਿੰਘ ਉਰਫ਼ ਪਾਲੀ ਦੀ ਲਾਸ਼ ਕਮਰੇ ਵਿੱਚ ਬੈੱਡ ’ਤੇ ਪਈ ਸੀ। ਅਲਮਾਰੀਆਂ ਦੇ ਦਰਵਾਜ਼ੇ ਖੁੱਲ੍ਹੇ ਪਏ ਸਨ ਅਤੇ ਪੈਸੇ ਹੇਠਾਂ ਡਿੱਗ ਪਏ ਸਨ।
ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਮੌਕੇ ‘ਤੇ ਪਹੁੰਚ ਗਏ। ਦੇਰ ਰਾਤ ਸਾਰੀਆਂ ਜਾਂਚ ਟੀਮਾਂ ਉੱਥੇ ਪਹੁੰਚੀਆਂ। ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਕਤਲ ਵਿੱਚ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ ਪਰ ਲੁੱਟ ਦੀ ਸੰਭਾਵਨਾ ਘੱਟ ਹੈ। ਏਐਸਆਈ ਦਾ ਰਿਵਾਲਵਰ ਵੀ ਗਾਇਬ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਲ ਡਿਟੇਲ ਕੱਢੀ ਜਾ ਰਹੀ ਹੈ। ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਕਤਲ ਸ਼ਨੀਵਾਰ ਦੇਰ ਰਾਤ ਨੂੰ ਹੋਇਆ ਹੋ ਸਕਦਾ ਹੈ।