ਪੰਜਾਬ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ‘ਚ ਲਿਆ ਹੈ। ਉਨ੍ਹਾਂ ਨੂੰ ਰਾਤ ਕਰੀਬ 2.30 ਵਜੇ ਖਨੌਰੀ ਬਾਰਡ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਜਿੱਥੇ ਉਹ ਅੱਜ ਤੋਂ ਮਰਨ ਵਰਤ ‘ਤੇ ਬੈਠਣ ਜਾ ਰਹੇ ਸਨ। ਹਾਲਾਂਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੀ ਥਾਂ ਲਿਜਾਇਆ ਗਿਆ ਹੈ ਪਰ ਹੁਣ ਸੂਚਨਾ ਆ ਰਹੀ ਹੈ ਕਿ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ‘ਚ ਦਾਖ਼ਲ ਕਰਵਾਇਆ ਗਿਆ ਹੈ।
ਦੱਸ ਦੇਈਏ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰਾਂ ਵੱਲੋਂ ਅੱਜ ਤੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣਾ ਸੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਨੂੰ ਕੁਝ ਹੋ ਵੀ ਜਾਂਦਾ ਹੈ ਤਾਂ ਇਹ ਮਰਨ ਵਰਤ ਨਹੀਂ ਰੁਕੇਗਾ, ਉਨ੍ਹਾਂ ਦੀ ਥਾਂ ਕੋਈ ਹੋਰ ਆਗੂ ਮਰਨ ਵਰਤ ‘ਤੇ ਬੈਠ ਜਾਵੇਗਾ। ਅੱਜ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਆਪਣੀ ਸਾਰੀ ਜ਼ਮੀਨ-ਜਾਇਦਾਦ ਵਾਰਸਾਂ ਦੇ ਨਾਂ ਕਰ ਦਿੱਤੀ ਸੀ। ਡੱਲੇਵਾਲ ਨੇ ਕੱਲ੍ਹ ਹੀ ਕਿਹਾ ਸੀ ਕਿ 13 ਫਰਵਰੀ ਤੋਂ ਹਰਿਆਣਾ ਸਰਹੱਦ ਸ਼ੰਭੂ ਅਤੇ ਖਨੌਰੀ ਵਿਖੇ ਲਗਾਤਾਰ ਅੰਦੋਲਨ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ।