ਪੰਜਾਬ ‘ਚ ਕੁੱਝ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ‘ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਆ ਰਹੇ ਹਨ। ਪਰ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾ ਕਿਸਾਨਾਂ ਨੇ ਨਵੀਂ ਰਣਨੀਤੀ ਵੀ ਘੜ ਲਈ ਹੈ। ਦਰਅਸਲ ਕਿਸਾਨ ਜਥੇਬੰਦੀਆਂ ਵੱਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਧਰਨੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਨੇ ਸਹਿਮਤੀ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ,ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੁਸਾਇਟੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਦਸੂਹਾ ਗੰਨਾ ਕਮੇਟੀ (ਡੱਫਰ) ਜਥੇਬੰਦੀਆਂ PM ਮੋਦੀ ਦੇ ਪੰਜਾਬ ਦੌਰੇ ‘ਤੇ ਵਿਚਾਰ ਚਰਚਾ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਹੋਈਆਂ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਜਦੋਂ ਕਿਸਾਨਾਂ ਵੱਲੋਂ ਅੰਦੋਲਨ ਖਤਮ ਕੀਤਾ ਗਿਆ ਸੀ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਵਾਪਸ ਲੈਣ ਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਸ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਵਿਰੋਧ ਵਜੋਂ ਕਿਸਾਨਾਂ ਵੱਲੋਂ ਧਰਨਾ ਲਗਾਇਆ ਜਾਵੇਗਾ।