ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਯੂਨੀਅਨ ਆਗੂਆਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਪ੍ਰੀਤ ਸਿੰਘ ਖੁੰਡੀਆ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ 4 ਦਸੰਬਰ ਨੂੰ ਸਰਕਾਰ ਨੂੰ ਮੰਗ ਪੱਤਰ ਸੌਂਪਣਗੇ। ਜਿਸ ਵਿੱਚ ਉਨ੍ਹਾਂ ਸਾਰੀਆਂ ਮੰਗਾਂ ਦਾ ਜ਼ਿਕਰ ਕੀਤਾ ਜਾਵੇਗਾ ਜੋ ਉਹ ਸਰਕਾਰ ਤੋਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ।
19 ਨੂੰ ਮੁੱਖ ਮੰਤਰੀ ਨਾਲ ਕਿਸਾਨਾਂ ਦੀ ਪੈਨਲ ਮੀਟਿੰਗ ਹੋਵੇਗੀ। ਇਸ ਵਿੱਚ ਵਿਭਾਗ ਦੇ ਸਾਰੇ ਅਧਿਕਾਰੀ ਮੌਜੂਦ ਰਹਿਣਗੇ। ਕਿਸਾਨਾਂ ਦੀਆਂ ਮੰਗਾਂ ਮੌਕੇ ‘ਤੇ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਰਾਜ ਭਵਨ ਗਏ ਅਤੇ ਰਾਜਪਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਗਿਆ।
ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ 5 ਦੀ ਗਰਾਊਂਡ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਦੇ 21 ਮੈਂਬਰੀ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮਗਰੋਂ ਕਿਸਾਨ ਆਗੂ ਰਤਨ ਮਾਨ ਨੇ ਕਿਹਾ ਕਿ ਕਿਸਾਨ 11 ਦਸੰਬਰ ਤੱਕ ਸਰਕਾਰ ਦੇ ਪੈਂਤੜੇ ਦਾ ਇੰਤਜ਼ਾਰ ਕਰਨਗੇ। ਉਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪੰਚਕੂਲਾ ਵਿੱਚ ਇੱਕ ਹਜ਼ਾਰ ਦੇ ਕਰੀਬ ਕਿਸਾਨ ਬੈਠੇ ਸਨ। ਮਾਨ ਨੇ ਕਿਹਾ ਕਿ ਰਾਜਪਾਲ ਨੇ ਬਹੁਤ ਵਧੀਆ ਸਮਾਂ ਦਿੱਤਾ ਹੈ। ਸਾਰੇ ਮੁੱਦਿਆਂ ‘ਤੇ ਵਿਆਪਕ ਚਰਚਾ ਹੋਈ। ਇਸ ਤੋਂ ਬਾਅਦ ਪੰਚਕੂਲਾ ਵਿੱਚ ਤਿੰਨ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਖਤਮ ਹੋ ਗਿਆ।
ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਗਾਂ ਪੂਰੀਆਂ ਕਰਵਾਉਣ ਲਈ ਕੰਮ ਕਰਨਗੇ। ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ, ਲਖੀਮਪੁਰ ਖੀਰੀ ਮਾਮਲੇ ਵਿੱਚ ਇਨਸਾਫ਼, ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ, ਪਰਾਲੀ ਤੇ ਬਿਜਲੀ ਦੇ ਬਿੱਲਾਂ ਦੇ ਨਾਲ-ਨਾਲ ਕਰਜ਼ਾ ਮੁਆਫ਼ੀ ਬਾਰੇ ਵੀ ਚਰਚਾ ਕੀਤੀ ਗਈ।