ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨਾਂ ਨੇ ਮਜ਼ਦੂਰ-ਕਿਸਾਨ ਸੰਘਰਸ਼ ਕਮੇਟੀ ਦੀ ਹਮਾਇਤ ਕਰਦਿਆਂ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਵੀਰਵਾਰ ਨੂੰ ਤਿੰਨ ਘੰਟੇ ਲਈ ਬੰਦ ਰੱਖਿਆ। ਦੱਸ ਦੇਈਏ ਕਿਸਾਨਾਂ ਨੇ ਪਹਿਲਾਂ ਹੀ ਟੋਲ ਪਲਾਜ਼ਾ ਬੰਦ ਰੱਖਣ ਦਾ ਸੱਦਾ ਦਿੱਤਾ ਹੋਇਆ ਸੀ। ਇਸ ਦੌਰਾਨ ਆਉਣ-ਜਾਣ ਵਾਲੇ ਕਿਸੇ ਵੀ ਵਾਹਨ ਦੀ ਟੋਲ ਪਲਾਜ਼ਾ ‘ਤੇ ਕੋਈ ਪਰਚੀ ਨਹੀਂ ਕੱਟਣ ਦਿੱਤੀ ਗਈ।
ਕਿਸਾਨ ਆਗੂਆਂ ਬਲਵੰਤ ਸਿੰਘ ਅਤੇ ਕੁਲਦੀਪ ਸਿੰਘ ਗੁੱਜਰਵਾਲ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪਿਛਲੇ ਡੇਢ-ਦੋ ਮਹੀਨਿਆਂ ਤੋਂ ਟੋਲ ਪਲਾਜ਼ਿਆਂ ਅਤੇ ਡੀਸੀ ਦਫ਼ਤਰਾਂ ਅੱਗੇ ਧਰਨੇ ’ਤੇ ਬੈਠੀ ਹੈ, ਪਰ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਸੁਣ ਰਹੀ ਹੈ। ਪਰ ਹੁਣ ਉਹ ਜੋਗਿੰਦਰ ਸਿੰਘ ਉਗਰਾਹਾਂ ਦੇ ਸੱਦੇ ‘ਤੇ ਮਜ਼ਦੂਰ-ਕਿਸਾਨ ਸੰਘਰਸ਼ ਕਮੇਟੀ ਦੇ ਸਮਰਥਨ ‘ਚ ਉਤਰ ਆਏ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਦੀ ਸਮਾਪਤੀ ਸਮੇਂ ਉਨ੍ਹਾਂ ਨਾਲ ਕੀਤੇ ਸਮਝੌਤਿਆਂ ਤੋਂ ਪਿੱਛੇ ਹਟ ਰਹੀ ਹੈ। ਮੰਨੀਆ ਮੰਗਾਂ ਮੰਨਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਵੀ ਇਹੀ ਹਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਨੂੰ ਤਿੰਨ ਘੰਟੇ ਲਈ ਪ੍ਰਤੀਕ ਤੌਰ ‘ਤੇ ਬੰਦ ਕਰਕੇ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਟੋਲ ਪਲਾਜ਼ਾ ਯਕੀਨੀ ਤੌਰ ‘ਤੇ ਬੰਦ ਕੀਤਾ ਜਾਵੇਗਾ।