ਕਿਸਾਨਾਂ ਨੇ ਇੱਕ ਵਾਰ ਫਿਰ ਸਰਕਾਰ ਖਿਲਾਫ ਸੜਕਾਂ ‘ਤੇ ਉਤਰਨ ਦਾ ਫੈਸਲਾ ਕੀਤਾ ਹੈ। 31 ਜਨਵਰੀ ਨੂੰ ਕਿਸਾਨ ‘ਵਾਅਦਾ ਖਿਲਾਫੀ ਦਿਵਸ’ ਵਜੋਂ ਮਨਾਉਣਗੇ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 31 ਜਨਵਰੀ ਨੂੰ ਦੇਸ਼ ਭਰ ‘ਚ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ‘ਤੇ ਵੱਡੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਪੂਰੇ ਜੋਸ਼ ਨਾਲ ਇਸ ਦੀ ਤਿਆਰੀ ਵਿੱਚ ਜੁਟੀਆਂ ਹੋਈਆਂ ਹਨ ਅਤੇ ਉਮੀਦ ਹੈ ਕਿ ਇਹ ਪ੍ਰੋਗਰਾਮ ਦੇਸ਼ ਦੇ ਘੱਟੋ-ਘੱਟ 500 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੋਖੇ ਦੇ ਵਿਰੋਧ ਵਿੱਚ ਇਹ ਫੈਸਲਾ ਸਯੁੰਕਤ ਕਿਸਾਨ ਮੋਰਚਾ ਵੱਲੋਂ 15 ਜਨਵਰੀ ਨੂੰ ਹੋਈ ਆਪਣੀ ਮੀਟਿੰਗ ਵਿੱਚ ਲਿਆ ਗਿਆ ਸੀ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਐੱਸ.ਕੇ.ਐੱਮ. ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਕਿਸਾਨ ਵਿਰੋਧੀ ਸਟੈਂਡ ਇਸ ਗੱਲ ਤੋਂ ਸਪੱਸ਼ਟ ਹੁੰਦਾ ਹੈ ਕਿ 15 ਜਨਵਰੀ ਦੇ ਫੈਸਲੇ ਤੋਂ ਬਾਅਦ ਵੀ ਭਾਰਤ ਸਰਕਾਰ ਨੇ 9 ਦਸੰਬਰ ਦੇ ਆਪਣੇ ਪੱਤਰ ਵਿੱਚ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਅੰਦੋਲਨ ਦੌਰਾਨ ਕੇਸ ਤੁਰੰਤ ਵਾਪਸ ਲੈਣ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਵਾਅਦੇ ‘ਤੇ ਪਿਛਲੇ ਦੋ ਹਫ਼ਤਿਆਂ ਤੋਂ ਕੋਈ ਕਾਰਵਾਈ ਨਹੀਂ ਹੋਈ। ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਕਮੇਟੀ ਦੇ ਗਠਨ ਦਾ ਐਲਾਨ ਨਹੀਂ ਕੀਤਾ ਹੈ। ਇਸ ਲਈ ਮੋਰਚੇ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਗੁੱਸੇ ਨੂੰ ‘ਵਿਸ਼ਵਾਸਘਾਤ ਦਿਵਸ’ ਰਾਹੀਂ ਸਰਕਾਰ ਤੱਕ ਪਹੁੰਚਾਉਣ।