ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫੀ ਸਮੇਤ 12 ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸ਼ਨੀਵਾਰ ਨੂੰ ਪੰਜਵੇਂ ਦਿਨ ਵੀ ਸ਼ੰਭੂ ਅਤੇ ਦਾਤਾ ਸਿੰਘ ਵਾਲਾ ਸਰਹੱਦ ‘ਤੇ ਡਟੀਆਂ ਰਹੀਆਂ। ਉਂਥੇ ਹੀ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ, ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਵੀ ਹੋ ਰਹੀ ਹੈ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ‘ਤੇ ਅੜੇ ਹੋਏ ਹਨ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦਾਸਪੁਰ ਦੇ 79 ਸਾਲਾ ਕਿਸਾਨ ਗਿਆਨ ਸਿੰਘ ਦੀ ਮੌਤ ‘ਤੇ 2 ਮਿੰਟ ਦਾ ਮੌਨ ਰੱਖਿਆ ਗਿਆ | ਕਿਸਾਨ ਅੰਦੋਲਨ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਤੇ ਨਿਤਿਆਨੰਦ ਰਾਏ ਮੀਟਿੰਗ ‘ਚ ਮੌਜੂਦ ਹਨ।
