ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਮੰਗਲਵਾਰ ਨੂੰ ਮੌੜ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ ਪਰ ਇਸ ਦੌਰਾਨ ਜੇਪੀ ਨੱਢਾ ਨੂੰ ਇੱਥੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਵਿਚ ਰੈਲੀ ਕਰਨ ਪਹੁੰਚੇ, ਜੇਪੀ ਨੱਢਾ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਤਾਂ ਰੱਦ ਕਰ ਦਿੱਤਾ ਗਿਆ ਹੈ।
ਪਰ ਅਜੇ ਤੱਕ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਲਏ ਗਏ, ਲਖੀਮਪੁਰ ਖੀਰੀ ਹਿੰਸਾ ਘਟਨਾ ਦਾ ਇਨਸਾਫ ਅਜੇ ਤੱਕ ਨਹੀਂ ਮਿਲਿਆ ਤੇ ਨਾ ਹੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ। ਇਸ ਤੋਂ ਇਲਾਵਾ ਕੇਂਦਰ ਵੱਲੋਂ MSP ‘ਤੇ ਕਾਨੂੰਨ ਬਣਾਉਣ ਦਾ ਭਰੋਸਾ ਵੀ ਦਿੱਤਾ ਗਿਆ ਸੀ, ਜੋ ਅਜੇ ਤੱਕ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਕਿਸੇ ਵੀ ਭਾਜਪਾ ਆਗੂ ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣਾ ਦਿੱਤਾ ਜਾਵੇਗਾ ਤੇ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ।