ਵੀਰਵਾਰ ਨੂੰ ਕੇਂਦਰੀ ਆਗੂਆਂ ਨਾਲ ਪੰਜਾਬ ਦੇ ਕਿਸਾਨ ਆਗੂਆਂ ਦੀ ਮੀਟਿੰਗ ਵਿੱਚ ਕੁਝ ਮੰਗਾਂ ’ਤੇ ਸਹਿਮਤੀ ਬਣੀ ਸੀ ਪਰ 24 ਘੰਟਿਆਂ ਵਿੱਚ ਹੀ ਕਿਸਾਨ ਆਗੂਆਂ ਦੇ ਸੁਰ ਬਦਲ ਗਏ। ਸ਼ੁੱਕਰਵਾਰ ਨੂੰ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਮੰਨ ਵੀ ਲਈਆਂ ਹਨ ਪਰ ਇਨ੍ਹਾਂ ਮੰਗਾਂ ਨੂੰ ਰਸਮੀ ਤੌਰ ’ਤੇ ਪ੍ਰਵਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਆਪਣੇ ਫੈਸਲੇ ‘ਤੇ ਕਾਇਮ ਹਨ ਅਤੇ ਜੇਕਰ ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਦਿੱਲੀ ‘ਚ ਫਿਰ ਤੋਂ ਧਰਨਾ ਸ਼ੁਰੂ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਵੀਰਵਾਰ ਨੂੰ ਮੁੱਖ ਮੰਤਰੀ ਮਾਨ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਆਪਣੀਆਂ ਸਾਰੀਆਂ ਮੰਗਾਂ ਤਿੰਨ ਕੇਂਦਰੀ ਮੰਤਰੀਆਂ ਅੱਗੇ ਰੱਖੀਆਂ ਸਨ। ਇਨ੍ਹਾਂ ਵਿੱਚੋਂ ਕੇਂਦਰੀ ਮੰਤਰੀਆਂ ਨੇ ਪਿਛਲੇ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ, ਨਕਲੀ ਬੀਜ ਅਤੇ ਨਕਲੀ ਸਪਰੇਆਂ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ, ਪਰ ਇਸ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀਆਂ ਮੰਗਾਂ ਮੰਨ ਲਈਆਂ ਸੀ। ਜਦਕਿ ਨੌਕਰੀਆਂ, 58 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ, ਫਸਲ ਬੀਮਾ ਯੋਜਨਾ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਆਦਿ ਮੰਗਾਂ ਦਾ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ।