ਪੰਜਾਬ ‘ਚ ਭਲਕੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਲਈ ਪ੍ਰਚਾਰ ਬੀਤੇ ਦਿਨ ਯਾਨੀ ਕਿ 18 ਫਰਵਰੀ ਸ਼ਾਮ ਨੂੰ ਖ਼ਤਮ ਹੋ ਗਿਆ ਹੈ। ਹੁਣ ਸੂਬੇ ਦੀ ਜਨਤਾ 20 ਫਰਵਰੀ ਨੂੰ ਵੋਟਾਂ ਪਾ ਕੇ ਸਿਆਸੀ ਆਗੂਆਂ ਦੀ ਕਿਸਮਤ ਦਾ ਫ਼ੈਸਲਾ ਕਰੇਗੀ। ਪਰ ਇਸੇ ਵਿਚਾਲੇ CM ਚੰਨੀ ਤੇ ਸਿੱਧੂ ਮੂਸੇਵਾਲਾ ਮੁਸ਼ਕਿਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ।
ਦਰਅਸਲ, ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ੁੱਕਰਵਾਰ ਨੂੰ 6 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੀ ਆਗੂਆਂ ਨੇ ਹਲਕੇ ਤੋਂ ਬਾਹਰ ਨਿਕਲਣਾ ਸੀ ਪਰ ਇਸ ਤੋਂ ਬਾਅਦ ਪੰਜਾਬ ਦੇ CM ਚਰਨਜੀਤ ਚੰਨੀ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਡੋਰ ਟੂ ਡੋਰ ਪ੍ਰਚਾਰ ਕਰਦੇ ਨਜ਼ਰ ਆਏ। ਇਸੇ ਮਾਮਲੇ ‘ਚ ਹੁਣ ਮਾਨਸਾ ਪੁਲਿਸ ਨੇ ਮੁੱਖ ਮੰਤਰੀ ਸਣੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੱਧੂ ਮੂਸੇਵਾਲਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।