ਬਠਿੰਡਾ ‘ਚ ਸਥਿਤ ਆਰਮੀ ਏਰੀਏ ‘ਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਕਿਸੇ ਨੂੰ ਵੀ ਛਾਉਣੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਗੋਲੀਬਾਰੀ ਦੀ ਪੁਸ਼ਟੀ ਕਰਦੇ ਹੋਏ ਫੌਜ ਨੇ ਦੱਸਿਆ ਹੈ ਕਿ ਇਸ ਘਟਨਾ ‘ਚ 4 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਤੜਕੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਿੱਚ ਚਾਰ ਲੋਕ ਜ਼ਖਮੀ ਹੋ ਗਏ। ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕੀਤਾ ਗਿਆ ਸੀ। ਫੌਜ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਸਰਚ ਆਪਰੇਸ਼ਨ ਜਾਰੀ ਹੈ।
ਪ੍ਰੋਟੋਕੋਲ ਮੁਤਾਬਿਕ ਰੱਖਿਆ ਮੰਤਰੀ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਰੱਖਿਆ ਮੰਤਰੀ ਨੇ ਇਸ ਸਬੰਧੀ ਮੀਟਿੰਗ ਬੁਲਾਈ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਨੂੰ ਵੀ ਦੱਸਿਆ ਗਿਆ ਹੈ। ਬਠਿੰਡਾ ਦੇ ਐਸਐਸਪੀ ਗੁਲਨੀਤ ਖੁਰੂਨਾ ਨੇ ਕਿਹਾ ਕਿ ਫੌਜ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਕਿਸੇ ਵੀ ਅੱਤਵਾਦੀ ਖਤਰੇ ਦਾ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮਿਲਟਰੀ ਸਟੇਸ਼ਨ ਦੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ।