ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦਿੱਲੀ ਦੀ Rouse Avenue Court ਦੇ ਵਿਸ਼ੇਸ਼ ਸੀਬੀਆਈ ਜੱਜ ਵਿਕਾਸ ਢੁਲ ਨੇ ਉਸ ‘ਤੇ 50 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਚੌਟਾਲਾ ਦੀਆਂ 4 ਜਾਇਦਾਦਾਂ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਇਹ ਸੰਪਤੀਆਂ ਦਿੱਲੀ ਦੇ ਹੇਲੀ ਰੋਡ, ਗੁਰੂਗ੍ਰਾਮ, ਅਸੋਲਾ ਅਤੇ ਪੰਚਕੂਲਾ ਵਿੱਚ ਸਥਿਤ ਹਨ।
2006 ਵਿੱਚ ਸੀਬੀਆਈ ਨੇ ਓਮਪ੍ਰਕਾਸ਼ ਚੌਟਾਲਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਚੌਟਾਲਾ ‘ਤੇ 1993 ਤੋਂ 2006 ਦਰਮਿਆਨ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। 16 ਸਾਲਾਂ ਦੇ ਮੁਕੱਦਮੇ ਤੋਂ ਬਾਅਦ, ਉਨ੍ਹਾਂ ਨੂੰ 21 ਮਈ ਨੂੰ ਆਪਣੀ ਆਮਦਨ ਤੋਂ ਵੱਧ 2.81 ਕਰੋੜ ਰੁਪਏ ਦੀ ਜਾਇਦਾਦ ਹਾਸਿਲ ਕਰਨ ਦਾ ਦੋਸ਼ੀ ਪਾਇਆ ਗਿਆ ਸੀ। ਚੌਟਾਲਾ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਈ) ਅਤੇ 13(2) ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਇਨ੍ਹਾਂ ਧਾਰਾਵਾਂ ਵਿੱਚ 1 ਤੋਂ 7 ਸਾਲ ਤੱਕ ਦੀ ਕੈਦ ਦੀ ਵਿਵਸਥਾ ਹੈ।
87 ਸਾਲਾ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਨੇ ਉਨ੍ਹਾਂ ਦੀ ਬੁਢਾਪੇ ਅਤੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਰਿਆਇਤ ਦੀ ਬੇਨਤੀ ਕੀਤੀ ਸੀ। ਜੇਬੀਟੀ ਅਧਿਆਪਕ ਭਰਤੀ ਘੁਟਾਲੇ ਵਿੱਚ 10 ਸਾਲ ਦੀ ਸਜ਼ਾ ਕੱਟ ਚੁੱਕੇ ਚੌਟਾਲਾ ਦੇ ਵਕੀਲ ਨੇ ਇਹ ਵੀ ਬੇਨਤੀ ਕੀਤੀ ਸੀ ਕਿ ਇਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਜ਼ਾ ਦੇ ਨਾਲ ਗਿਣਿਆ ਜਾਵੇ। ਪਰ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ ਅਤੇ ਚੌਟਾਲਾ ਨੂੰ 4 ਸਾਲ ਦੀ ਸਜ਼ਾ ਸੁਣਾਈ। ਅਦਾਲਤ ਨੇ 50 ਲੱਖ ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ ਕਿਹਾ ਕਿ ਜੇਕਰ ਇਹ ਰਕਮ ਜਮ੍ਹਾਂ ਨਹੀਂ ਕਰਵਾਈ ਜਾਂਦੀ ਤਾਂ ਚੌਟਾਲਾ ਨੂੰ 6 ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ।