ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਜਿਨ੍ਹਾਂ ਦੇ ਵਿੱਚ ਬਿਕਰਮ ਮਜੀਠੀਆ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੀਟ ਦਾ ਐਲਾਨ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਡੇਰੀ ਉਮਰ ਨੂੰ ਲੈ ਕੇ ਅਜੇ ਤੱਕ ਦੁਚਿੱਤੀ ਬਣੀ ਹੋਈ ਸੀ ਕਿ ਉਹ ਇਸ ਵਾਰ ਚੋਣ ਮੈਦਾਨ ਵਿੱਚ ਉਤਰਨਗੇ ਜਾਂ ਨਹੀਂ।
ਜਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਚੋਣ ਲੜਨਗੇ। 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਮੌਜੂਦਾ ਵਿਧਾਇਕ ਹਨ। ਪਹਿਲਾ ਸਿਹਤ ਕਾਰਨਾਂ ਕਰਕੇ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਚੋਣ ਨਹੀਂ ਲੜਨ ਦੀਆਂ ਕਿਆਸ ਲਗਾਏ ਜਾ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਹਾਲ ਹੀ ‘ਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਤੋਂ ਹੀ ਲਗਾਤਾਰ ਜਿੱਤ ਦਰਜ ਕਰਦੇ ਆ ਰਹੇ ਹਨ। ਇਸ ਵਾਰ ਉਨ੍ਹਾਂ ਦੇ ਮੁਕਾਬਲੇ ਕਾਂਗਰਸ ਵੱਲੋਂ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲਖੁਰਾਣਾ ਦੇ ਸਪੁੱਤਰ ਜਗਪਾਲ ਸਿੰਘ ਅਬੁਲਖੁਰਾਣਾ ਅਤੇ ਭੁਪਿੰਦਰ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਜੋ ਕਾਂਗਰਸ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਉਮੀਦਵਾਰ ਹਨ।