ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਰਾਜਸਥਾਨ ਭੇਜਿਆ ਹੈ। ਉਨ੍ਹਾਂ ਨੂੰ ਰਾਜਸਥਾਨ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ ਇਹ ਉਨ੍ਹਾਂ ਲਈ ਵੱਡੀ ਚੁਣੌਤੀ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਹ ਜ਼ਿੰਮੇਵਾਰੀ 2021 ‘ਚ ਮੁੱਖ ਮੰਤਰੀ ਅਹੁਦੇ ਦੀ ਦੌੜ ਤੋਂ ਪਿੱਛੇ ਹਟਣ ਦਾ ਇਨਾਮ ਹੈ। ਪੰਜਾਬ ਕਾਂਗਰਸ ਅੰਦਰ ਇਹ ਵਿਵਾਦ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੁਲਾਈ ਮਹੀਨੇ ਵਿੱਚ ਹੀ ਸ਼ੁਰੂ ਹੋ ਗਿਆ ਸੀ। ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਤੋਂ ਨਾਰਾਜ਼ ਕਾਂਗਰਸ ਦੋ ਹਿੱਸਿਆਂ ‘ਚ ਵੰਡੀ ਗਈ ਸੀ।
ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ 2021 ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਦਾ ਅਹੁਦਾ ਖਾਲੀ ਹੋਣ ਤੋਂ ਬਾਅਦ ਕਾਂਗਰਸ ਦੇ ਦਿੱਗਜ ਆਗੂ ਸੁਖਜਿੰਦਰ ਰੰਧਾਵਾ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਜੋ ਹੁਣ ਭਾਜਪਾ ਵਿੱਚ ਸ਼ਾਮਿਲ ਹੋਏ ਹਨ, ਸਿਖਰ ‘ਤੇ ਸਨ, ਪਰ ਕਾਂਗਰਸ ਨੇ ਵੱਡਾ ਦਾਅ ਖੇਡਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ।
ਇਸ ਵੇਲੇ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਹਾਲਾਤ ਇੱਕੋ ਜਿਹੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਦੋ ਦਿੱਗਜ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਇੱਕ ਦੂਜੇ ਦੇ ਆਹਮੋ-ਸਾਹਮਣੇ ਹਨ। ਪੰਜਾਬ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਵਾਦ ਵਿੱਚ ਕੁੱਝ ਅਜਿਹੇ ਹੀ ਹਾਲਾਤ ਪੈਦਾ ਹੋ ਗਏ ਸਨ। ਇਸ ਸਥਿਤੀ ਵਿੱਚ ਸੁਖਜਿੰਦਰ ਰੰਧਾਵਾ ਲਈ ਇਹ ਅਹੁਦਾ ਸੰਭਾਲਣਾ ਵੱਡੀ ਚੁਣੌਤੀ ਹੈ। ਉਨ੍ਹਾਂ ਕੋਲ ਕਾਂਗਰਸ ਦਾ ਵਿਸ਼ਾਲ ਤਜ਼ਰਬਾ ਅਤੇ ਸਮਰਥਨ ਹੈ, ਜੋ ਰਾਜਸਥਾਨ ਵਿੱਚ ਸਥਿਤੀ ਨੂੰ ਸੰਭਾਲਣ ਵਿੱਚ ਉਨ੍ਹਾਂ ਦੀ ਮਦਦ ਕਰੇਗਾ।