ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਦਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਮਰਾਨ ਖਾਨ ‘ਤੇ 10 ਲੱਖ ਰੁਪਏ ਅਤੇ ਉਨ੍ਹਾਂ ਦੀ ਪਤਨੀ ‘ਤੇ 5 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਜੇਕਰ ਇਹ ਦੋਵੇਂ ਜੁਰਮਾਨਾ ਅਦਾ ਕਰਨ ਵਿੱਚ ਅਸਮਰੱਥ ਰਹਿੰਦੇ ਹਨ ਤਾਂ ਸਾਬਕਾ ਪ੍ਰਧਾਨ ਮੰਤਰੀ ਨੂੰ ਛੇ ਮਹੀਨੇ ਦੀ ਵਾਧੂ ਸਜ਼ਾ ਕੱਟਣੀ ਪਵੇਗੀ ਅਤੇ ਬੁਸ਼ਰਾ ਨੂੰ ਤਿੰਨ ਮਹੀਨੇ ਦੀ ਸਜ਼ਾ ਕੱਟਣੀ ਪਵੇਗੀ।
ਇਹ ਫੈਸਲਾ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਦੇ ਜੱਜ ਨਾਸਿਰ ਜਾਵੇਦ ਰਾਣਾ ਨੇ ਅਲ-ਕਾਦਿਰ ਟਰੱਸਟ ‘ਚ ਕਰੀਬ 50 ਅਰਬ ਪਾਕਿਸਤਾਨੀ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ NAB ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਣਾਇਆ। ਅਦਾਲਤ ਵਿੱਚ ਸੁਣਵਾਈ ਦੌਰਾਨ ਪ੍ਰੋਸੀਕਿਊਟਰ ਜਨਰਲ ਸਰਦਾਰ ਮੁਜ਼ੱਫਰ ਅੱਬਾਸੀ ਦੀ ਅਗਵਾਈ ਵਿੱਚ ਕੌਮੀ ਜਵਾਬਦੇਹੀ ਬਿਊਰੋ (ਐਨਏਬੀ) ਦੀ ਟੀਮ ਮੌਜੂਦ ਸੀ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ, ਪੀਟੀਆਈ ਦੀ ਬੈਰਿਸਟਰ ਗੌਹਰ ਖਾਨ, ਸ਼ੋਏਬ ਸ਼ਾਹੀਨ, ਸਲਮਾਨ ਅਕਰਮ ਰਾਜਾ ਅਤੇ ਹੋਰ ਵਕੀਲ ਮੌਜੂਦ ਸਨ।