ਪੰਜਾਬ ਸਰਕਾਰ ਨੇ ਸੂਬੇ ਵਿੱਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਇਸ ਦਿਨ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ-25 ਤਹਿਤ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਸੀਐਮ ਭਗਵੰਤ ਮਾਨ ਨੇ ਮੰਗਲਵਾਰ ਨੂੰ ਹੀ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਸੀ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਕੌਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਇਸ ਤੋਂ ਬਾਅਦ ਦੇਰ ਸ਼ਾਮ ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।