ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੁੱਧਵਾਰ ਦੇਰ ਸ਼ਾਮ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਲਈ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਨੂੰ ਅਸਤੀਫ਼ੇ ਦੀ ਸੂਚਨਾ ਮੀਡੀਆ ਰਾਹੀਂ ਮਿਲੀ ਹੈ। ਉਨ੍ਹਾਂ ਨੇ ਅਜੇ ਤੱਕ ਅਸਤੀਫਾ ਪੱਤਰ ਪੜ੍ਹਿਆ ਜਾਂ ਦੇਖਿਆ ਨਹੀਂ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਉਨ੍ਹਾਂ ਨੂੰ ਦਿੱਤੀ ਜ਼ੈੱਡ ਸੁਰੱਖਿਆ ਵਾਪਿਸ ਲੈਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਉਹ ਹੁਣ ਕੋਈ ਅਹੁਦਾ ਨਹੀਂ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਹ ਆਪਣੇ ਛੋਟੇ ਜਿਹੇ ਘਰ ਵਿੱਚ ਰਹਿਣਾ ਚਾਹੁੰਦੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਲਟੋਹਾ ਵੱਲੋਂ ਆਖੀਆਂ ਗੱਲਾਂ ਸਬੰਧੀ ਸ਼੍ਰੋਮਣੀ ਕਮੇਟੀ ਦੀ ਚੁੱਪੀ ’ਤੇ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਵਲਟੋਹਾ ਵੱਲੋਂ ਸਿੰਘ ਸਾਹਿਬਾਨ ਦੇ ਹੁਕਮਾਂ ਤਹਿਤ ਖ਼ੁਦ ਅਕਾਲੀ ਦਲ ਹਾਈਕਮਾਂਡ ਨੂੰ ਅਸਤੀਫ਼ਾ ਦੇਣ ਦੇ ਬਾਵਜੂਦ ਅਕਾਲੀ ਦਲ ਦੇ ਸੋਸ਼ਲ ਮੀਡੀਆ ਵਿੰਗ ਵੱਲੋਂ ਵਲਟੋਹਾ ਦੀ ਹਮਾਇਤ ਕਰਨ ਵਾਲੇ ਬਿਆਨ ਜਾਰੀ ਕੀਤੇ ਜਾ ਰਹੇ ਹਨ।