ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ ਹੈ। ਹਰ ਸਿਆਸੀ ਪਾਰਟੀ ਇਸ ਮੁੱਦੇ ਨੂੰ ਸਿਆਸਤ ਲਈ ਹੀ ਵਰਤਦੀ ਹੈ। ਪੰਜਾਬ ਵਿੱਚ ਪਾਣੀ ਦੀ ਹਾਲਤ ਬਹੁਤ ਤਰਸਯੋਗ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਲੋੜ ਤੋਂ ਘੱਟ ਪਾਣੀ ਹੈ। ਐਸਵਾਈਐਲ ਦਾ ਮੁੱਦਾ ਸਾਰੇ ਪੰਜਾਬੀਆਂ ਨਾਲ ਜੁੜਿਆ ਹੋਇਆ ਹੈ। ਪੰਜਾਬ ਦੇ ਹਰ ਧਰਮ ਦੇ ਲੋਕਾਂ ਨੂੰ ਇਸ ਮੁੱਦੇ ‘ਤੇ ਅੱਗੇ ਆਉਣਾ ਚਾਹੀਦਾ ਹੈ। ਪਰ ਯੋਜਨਾਬੱਧ ਸਿਆਸਤ ਤਹਿਤ ਇਸ ਨੂੰ ਸਿੱਖ ਮੁੱਦੇ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਨੂੰ ਇਸ ਸਬੰਧੀ ਸਖਤ ਸਟੈਂਡ ਲੈਂਦਿਆਂ ਪੰਜਾਬ ਦੇ ਹੱਕ ਵਿੱਚ ਖੜਾ ਹੋਣਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਸੂਬੇ ਵਿੱਚ ਨਸ਼ਾ ਬਹੁਤ ਵਧ ਗਿਆ ਹੈ। ਕੋਈ ਵੀ ਪਾਰਟੀ ਇਸ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰਿਆਣਾ ਵਿੱਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵੋਟਾਂ ਪਾ ਰਹੇ ਹਨ, ਜੋ ਕਿ ਖ਼ਤਰੇ ਦੀ ਗੱਲ ਹੈ। ਵੋਟਿੰਗ ਸਿੱਖ ਮਰਿਆਦਾ ਅਨੁਸਾਰ ਹੋਣੀ ਚਾਹੀਦੀ ਹੈ।