ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਪੰਥਕ ਰਵਾਇਤਾਂ ਅਨੁਸਾਰ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਅਹੁਦਾ ਸੰਭਾਲਣ ਤੋਂ ਬਾਅਦ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਮੰਦਭਾਗਾ ਕਰਾਰ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਤਾਜਪੋਸ਼ੀ ਸਮਾਗਮ ਵਿੱਚ ਕਈ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸਿੱਖ ਬੁੱਧੀਜੀਵੀ ਵੀ ਸ਼ਾਮਿਲ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ 4 ਸਾਲ 244 ਦਿਨਾਂ ਬਾਅਦ ਪੱਕਾ ਜਥੇਦਾਰ ਮਿਲਿਆ ਹੈ। ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਇਸ ਅਹੁਦੇ ‘ਤੇ ਰਹੇ ਸਨ। ਉਨ੍ਹਾਂ ਕੋਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜ਼ਿੰਮੇਵਾਰੀ ਵੀ ਹੈ। ਹੁਣ ਉਹ ਕੇਵਲ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਹਨ।
ਰਘਬੀਰ ਸਿੰਘ ਦੇ ਦਸਤਾਰ ਸਜਾਉਣ ਦੀ ਰਸਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਹਾਜ਼ਰ ਸਨ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਤਖ਼ਤਾਂ ਦੇ ਸਾਬਕਾ ਜਥੇਦਾਰਾਂ ਨੇ ਰਘਬੀਰ ਸਿੰਘ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ | ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਯੁਕਤੀ ਸਬੰਧੀ ਪਾਸ ਕੀਤਾ ਮਤਾ ਪੜ੍ਹ ਕੇ ਸੁਣਾਇਆ।