ਦੁਨੀਆਂ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਬੰਦੀ ਛੋੜ ਦਿਵਸ ਤੋਂ ਭਾਵ ਹੈ ਮੁਕਤੀ ਦਾ ਦਿਵਸ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ। ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਹਨਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ ਸੀ। ਉਹਨਾਂ ਦੇ ਆਉਣ ਦੀ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਸੀ।
ਇਸ ਵਾਰ ਵੀ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਲੜੀਆਂ ਨਾਲ ਸਜਾਇਆ ਗਿਆ ਹੈ। ਸਜਾਵਟ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਖੂਬਸੂਰਤ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ। ਜੋ ਹਰ ਕਿਸੇ ਦੇ ਮਨ ਨੂੰ ਮੋਹ ਰਿਹਾ ਹੈ। ਸ਼ਾਮ ਨੂੰ ਗੁਰੂਘਰ ਦੀ ਖੂਬਸੂਰਤੀ ਕਈ ਗੁਣਾ ਹੋਰ ਵੀ ਵੱਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ। ਸ੍ਰੀ ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਕਿਹਾ ਜਾਂਦਾ ਹੈ ਕਿ “ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ”।