ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਤੋਂ ਮਿਲੀ ਹੈ। ਹਾਲਾਂਕਿ ਕੈਲੀਫੋਰਨੀਆ ਵਾਲੇ ਪਾਸੇ ਤੋਂ ਇਸ ਸਬੰਧੀ ਭਾਰਤ ਸਰਕਾਰ ਨੂੰ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਸਿੱਧੂ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸੀ, ਜਿਸ ਕਾਰਨ ਸਿੱਧੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਸਿੱਧੂ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਸਿੱਧੂ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ‘ਚ 34 ਲੋਕਾਂ ਨੂੰ ਦੋਸ਼ੀ ਬਣਾਇਆ ਹੈ।
ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਹੈ। ਪਿਛਲੇ ਸਾਲ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ ਵਿੱਚ ਗੋਲਡੀ ਬਰਾੜ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਗੋਲਡੀ ਬਰਾੜ 16 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਉਹ ਭਾਰਤ ਤੋਂ ਕੈਨੇਡਾ ਭੱਜ ਗਿਆ ਸੀ।