ਭਾਰਤ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਦਿਆਂ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਇਸ ਤੋਂ ਪਹਿਲਾ 9 ਨਵੰਬਰ 2019 ਨੂੰ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਦਮ ਚੁੱਕਦਿਆਂ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬ ਲਈ ਕਰਤਾਰਪੁਰ ਲਾਂਘੇ ਨੂੰ ਖੋਲਿਆ ਸੀ। ਇਸ ਕੋਰੀਡੋਰ ਦਾ ਉਦਘਾਟਨ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਲਾਂਘੇ ਦੇ ਐਲਾਨ ਤੋਂ ਬਾਅਦ ਇੱਕਦਮ ਭਾਰਤੀ ਪੰਜਾਬ ਦੇ ਕਸਬੇ ਡੇਰਾ ਬਾਬਾ ਨਾਨਕ ਦਾ ਨਾਮ ਵੀ ਕੌਮਾਂਤਰੀ ਪੱਧਰ ਉੱਤੇ ਚਰਚਾ ਵਿੱਚ ਆ ਗਿਆ ਸੀ।