ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਰੋਧੀ ਧਿਰ ਦੇ ਹੋਰ ਵਿਧਾਇਕ ਸਦਨ ਦੀ ਕਾਰਵਾਈ ਵਿੱਚ ਸ਼ਾਮਿਲ ਹੋਏ ਸਨ ਪਰ ਕੁਝ ਸਮੇਂ ਬਾਅਦ ਸਾਰੇ ਕਾਂਗਰਸੀ ਵਿਧਾਇਕ ਇਕੱਠੇ ਸਦਨ ਤੋਂ ਬਾਹਰ ਆ ਗਏ। ਉੱਥੇ ਹੀ ਸਾਰੇ ਵਿਧਾਇਕਾਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਵਾਈ ਸੈਨਾ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਨਿਰਮਾਣ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਲਈ ਭਾਰਤ ਸਰਕਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੱਕ ਜ਼ੋਰਦਾਰ ਸਿਫਾਰਸ਼ ਭੇਜਣ ਦਾ ਪ੍ਰਸਤਾਵ ਭੇਜਿਆ ਹੈ। ਇਸ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ‘ਆਪ’ ਦੇ ਹੋਰ ਵਿਧਾਇਕਾਂ ਨੇ ਵੀ ਇਸ ਪ੍ਰਸਤਾਵ ਦੀ ਸ਼ਲਾਘਾ ਕੀਤੀ। ਸੀਐਮ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਿੱਚ ਮੁਹਾਲੀ ਸਥਿਤ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਵੀ ਜ਼ਿਕਰ ਕੀਤਾ। ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਸਦਨ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਭਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਇਸ ਮਤੇ ਦਾ ਸਮਰਥਨ ਕੀਤਾ।