ਪੰਜਾਬ ਕਾਂਗਰਸ ਅਤੇ ਮਤਭੇਦ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਪਾਰਟੀ ਵਿੱਚ ਉਥਲ -ਪੁਥਲ ਤੋਂ ਬਾਅਦ ਸੰਕਟ ਹੋਰ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ ਹੈ ਕਿ ਜੋ ਵੀ ਸਮੱਸਿਆ ਹੈ, ਉਸ ਨੂੰ ਹੱਲ ਕੀਤਾ ਜਾ ਰਿਹਾ ਹੈ। ਉੱਥੇ ਹੀ ਕੈਪਟਨ ਦੇ ਬਾਗੀ ਰਵੱਈਏ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨ ਵਿਰੋਧੀ ਭਾਜਪਾ ਦਾ ਸਹਾਇਕ ਨਹੀਂ ਬਣਨਾ ਚਾਹੀਦਾ।
ਰਾਵਤ ਨੇ ਅੱਗੇ ਕਿਹਾ ਕਿ ਇਹ ਸਮਾਂ ਸੋਨੀਆ ਗਾਂਧੀ ਦੇ ਨਾਲ ਖੜ੍ਹੇ ਹੋਣ ਦਾ ਹੈ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਕਾਂਗਰਸ ਨੇ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ, ਉਨ੍ਹਾਂ ਦਾ ਬਹੁਤ ਸਤਿਕਾਰ ਕੀਤਾ। ਰਾਵਤ ਨੇ ਅੱਗੇ ਕਿਹਾ ਕਿ ਅਮਰਿੰਦਰ ਨੂੰ ਦੋ ਵਾਰ ਫੋਨ ਕਰਕੇ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਰੀਸ਼ ਰਾਵਤ ਨੇ ਅੱਗੇ ਕਿਹਾ ਕਿ ਕੈਪਟਨ ਦੇ ਹਾਲੀਆ ਬਿਆਨ ਨਿਸ਼ਚਤ ਰੂਪ ਤੋਂ ਕਿਸੇ ਦੇ ਪ੍ਰਭਾਵ ਹੇਠ ਦਿੱਤੇ ਗਏ ਹਨ। ਹਰੀਸ਼ ਰਾਵਤ ਨੇ ਕਿਹਾ ਕਿ ਇਸ ਗੱਲ ਵਿੱਚ ਕੋਈ ਸੱਚਾਈ ਨਹੀਂ ਹੈ ਕਿ ਕਾਂਗਰਸ ਨੇ ਅਮਰਿੰਦਰ ਸਿੰਘ ਦਾ ਅਪਮਾਨ ਕੀਤਾ ਹੈ।
ਦਰਅਸਲ, ਕੱਲ੍ਹ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ਵਿੱਚ ਸ਼ਾਮਿਲ ਨਹੀਂ ਹੋਣਗੇ ਪਰ ਕਾਂਗਰਸ ਨੂੰ ਛੱਡ ਦੇਣਗੇ ਕਿਉਂਕਿ ਉਨ੍ਹਾਂ ਨੂੰ ਜਿਹੜੀ ਬੇਇੱਜ਼ਤੀ ਦਾ ਸਾਹਮਣਾ ਕਰਨਾ ਪਿਆ ਉਹ ਬਰਦਾਸ਼ਤ ਕਰਨਯੋਗ ਨਹੀਂ ਹੈ। ਪਰ ਹਰੀਸ਼ ਰਾਵਤ ਨੇ ਕਿਹਾ ਕਿ ਅਮਰਿੰਦਰ ਸਿੰਘ ਵੱਲੋਂ 2-3 ਦਿਨਾਂ ਤੋਂ ਆਏ ਬਿਆਨਾਂ ਤੋਂ ਜਾਪਦਾ ਹੈ ਕਿ ਉਹ ਕਿਸੇ ਤਰ੍ਹਾਂ ਦੇ ਦਬਾਅ ਹੇਠ ਹਨ। ਸੱਤਾਧਾਰੀ ਪਾਰਟੀ (ਭਾਜਪਾ) ਜਿਸਨੂੰ ਪੰਜਾਬ ਦੇ ਕਿਸਾਨ, ਪੰਜਾਬ ਦੇ ਲੋਕ ਪੰਜਾਬ ਵਿਰੋਧੀ ਸਮਝਦੇ ਹਨ, ਉਹ ਅਮਰਿੰਦਰ ਸਿੰਘ ਨੂੰ ਮਾਸਕ ਵਜੋਂ ਵਰਤਣਾ ਚਾਹੁੰਦੇ ਹਨ।