ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਕਾਂਗਰਸ ਨੂੰ ਪਹਿਲਾ ਝਟਕਾ ਵੀ ਲੱਗ ਗਿਆ ਹੈ। ਦਰਅਸਲ ਟਿਕਟ ਨਾ ਮਿਲਣ ਤੋਂ ਨਰਾਜ਼ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਹਰਜੋਤ ਕਮਲ ਨੇ ਟਿਕਟ ਕੱਟਣ ਦੇ ਕੁੱਝ ਹੀ ਮਿੰਟਾ ਅੰਦਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ ‘ਤੇ ਭਾਜਪਾ ਦਫਤਰ ਵੱਲ ਨੂੰ ਤੁਰ ਪਏ। ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਟਿਕਟ ਕੱਟੇ ਜਾਣ ਮਗਰੋਂ ਕਾਂਗਰਸ ਛੱਡ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਮੋਗਾ ਅਤੇ ਮਾਨਸਾ ਵਿਧਾਨ ਸਭਾ ਹਲਕਿਆਂ ‘ਚ ਵੀ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਮੋਗਾ ਸੀਟ ਤੋਂ ਕਾਂਗਰਸ ਨੇ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਅਦਾਕਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।ਇਸ ਤੋਂ ਪਹਿਲਾ ਵਿਧਾਇਕ ਵੱਲੋਂ ਬਗਾਵਤ ਵੀ ਕੀਤੀ ਗਈ ਸੀ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਵੀ ਕਿਹਾ ਸੀ ਕਿ ਜੇਕਰ ਪਾਰਟੀ ਵੱਲੋਂ ਕਿਸੇ ਹੋਰ ਨੂੰ ਇਸ ਸੀਟ ਲਈ ਉਮੀਦਵਾਰ ਐਲਾਨਿਆ ਗਿਆ ਤਾਂ ਉਹ ਘੜੇ ਤੋਂ ਕੌਲਾ ਚੁੱਕ ਦੇਣਗੇ ਤੇ ਪੂਰੀ ਤਰ੍ਹਾਂ ਵਿਰੋਧ ਕਰਨਗੇ। ਉਨ੍ਹਾਂ ਕਿਹਾ ਸੀ ਕਿ ਮੈਂ ਮੋਗਾ ਤੋਂ ਚੋਣ ਲੜਾਂਗਾ ਵੀ ਤੇ ਜਿੱਤਾਂਗੇ ਵੀ।