ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਇਥੇ ਹੀ ਡਟੇ ਰਹਿਣਗੇ। ਦੱਸ ਦੇਈਏ ਕਿ ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਨੂੰ ਕਿਸਾਨਾਂ ਅਤੇ ਸਰਕਾਰ ਦੇ ਵਿੱਚ ਇੱਕ ਵਾਰ ਫਿਰ ਟਕਰਾਅ ਹੋਇਆ ਹੈ। ਸਰਕਾਰ / ਪ੍ਰਸ਼ਾਸਨ ਨੇ ਕਿਸਾਨਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਹਜ਼ਾਰਾਂ ਕਿਸਾਨ ਸਕੱਤਰੇਤ ਦੇ ਬਾਹਰ ਧਰਨੇ ‘ਤੇ ਬੈਠ ਗਏ।
ਕਿਸਾਨਾਂ ਨੇ ਪੂਰੀ ਰਾਤ ਸਕੱਤਰੇਤ ਦੇ ਬਾਹਰ ਸੜਕ ‘ਤੇ ਬੈਠ ਕੇ ਹੀ ਬਿਤਾਈ ਹੈ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਮੰਗਾਂ ਨਾ ਮੰਨੀਆਂ ਜਾਣ ਤੱਕ ਕਰਨਾਲ ‘ਚ ਵੀ ਪੱਕਾ ਮੋਰਚਾ ਲਗਾ ਦਿੱਤਾ ਹੈ। ਦਰਅਸਲ ਕਿਸਾਨਾਂ ਨੇ ਕੁੱਝ ਦਿਨ ਪਹਿਲਾ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਮੰਗਲਵਾਰ ਨੂੰ ਇਹ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।