ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਫਸੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਬੁੱਧਵਾਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਸੰਬੰਧੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਅਗਾਊਂ ਜ਼ਮਾਨਤ ਦਿੰਦਿਆਂ ਇੱਕ ਹਫ਼ਤੇ ‘ਚ ਜਾਂਚ ਵਿੱਚ ਸ਼ਾਮਿਲ ਹੋਣ ਦੇ ਹੁਕਮ ਦਿੱਤੇ ਹਨ। ਮਾਨ ਦੇ ਵਕੀਲਾਂ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਕਿ ਗੁਰਦਾਸ ਮਾਨ ਦਾ ਕੋਈ ਅਪਰਾਧਕ ਰਿਕਾਰਡ ਨਹੀਂ ਹੈ। ਇਸ ਲਈ ਉਹ ਅਗਾਊਂ ਜ਼ਮਾਨਤ ਦੇ ਹੱਕਦਾਰ ਹਨ। ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਅਤੇ ਮਾਨ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ।
26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ। ਗੁਰਦਾਸ ਮਾਨ ਨੇ ਪਹਿਲਾਂ ਇਸ ਮਾਮਲੇ ਵਿੱਚ ਜਲੰਧਰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।