ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਰਾਜ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਕਿ ਸਿੰਗਲਾ ਵੱਲੋਂ ਟੈਂਡਰਾਂ ਵਿੱਚ ਕਥਿਤ ਤੌਰ ’ਤੇ ਇੱਕ ਫੀਸਦੀ ਕਮਿਸ਼ਨ ਮੰਗਣ ਦੀ ਸੂਚਨਾ ਮਿਲਣ ਮਗਰੋਂ ਉਨ੍ਹਾਂ ਇਹ ਫੈਸਲਾ ਲਿਆ ਹੈ। ਮਾਨ ਨੇ ਪੁਲਿਸ ਨੂੰ ਵੀ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਆਮ ਆਦਮੀ ਪਾਰਟੀ ਇੱਕ ਇਮਾਨਦਾਰ ਸਿਸਟਮ ਕਾਇਮ ਕਰਨ ਲਈ ਪੈਦਾ ਹੋਈ ਹੈ…@ArvindKejriwal ਜੀ ਨੇ ਹਮੇਸ਼ਾ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਾਂਗੇ ਭਾਵੇਂ ਕੋਈ ਆਪਣਾ ਹੋਵੇ ਜਾਂ ਬੇਗਾਨਾ।
ਸਿਹਤ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਣ ‘ਤੇ ਤੁਰੰਤ ਬਰਖਾਸਤ ਕੀਤਾ..ਨਾਲ ਹੀ FIR ਦੇ ਆਦੇਸ਼ ਦਿੱਤੇ pic.twitter.com/Wkc5NUlW1v
— Bhagwant Mann (@BhagwantMann) May 24, 2022
ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ‘ਤੇ ਇੱਕ ਵੀਡੀਓ ਪੋਸਟ ਕਰਕੇ ਕਿਹਾ, ‘ਆਮ ਆਦਮੀ ਪਾਰਟੀ ਦਾ ਜਨਮ ਇਮਾਨਦਾਰ ਸਿਸਟਮ ਸਥਾਪਤ ਕਰਨ ਲਈ ਹੋਇਆ ਹੈ। ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਕਿਹਾ ਹੈ ਕਿ ਉਹ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ, ਭਾਵੇਂ ਉਹ ਆਪਣਾ ਹੋਵੇ ਜਾਂ ਬੇਗਾਨਾ। ਸਿਹਤ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਦੇ ਸਬੂਤ ਮਿਲਦੇ ਹੀ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰ ਦਿੱਤਾ ਗਿਆ। ਐਫਆਈਆਰ ਦਰਜ ਕਰਨ ਦੇ ਹੁਕਮ ਵੀ ਦਿੱਤੇ ਹਨ।” ਮਾਨ ਨੇ ਦਾਅਵਾ ਕੀਤਾ ਕਿ ਸਿੰਗਲਾ ਨੇ ਗਲਤ ਕੰਮ ਕਰਨ ਦੀ ਗੱਲ ਕਬੂਲੀ ਹੈ।
ਸੀਐਮ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਦੂਜੀ ਵਾਰ ਹੋਇਆ ਹੈ, ਜਦੋਂ ਕਿਸੇ ਸੂਬੇ ਦੇ ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਆਪਣੇ ਮੰਤਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇੱਕ ਫੀਸਦੀ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ।