ਪੰਜਾਬ ‘ਚ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹੀ ਮੀਂਹ ਪਵੇਗਾ। ਇਸ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਇਸ ਦੌਰਾਨ ਵਾਹਨ ਸਾਵਧਾਨੀ ਨਾਲ ਆਉਣ ਜਾਣ, ਦਰੱਖਤਾਂ ਦੇ ਹੇਠਾਂ ਨਾ ਖੜ੍ਹਨ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਜ਼ਰੂਰੀ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਪਹਾੜੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਨਜ਼ਰ ਆ ਸਕਦਾ ਹੈ। ਸ਼ੁੱਕਰਵਾਰ ਰਾਤ ਨੂੰ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਰਸਾਤ ਦਾ ਦੌਰ ਜਾਰੀ ਰਹੇਗਾ।