ਬੁੱਧਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਪਟਿਆਲਾ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਸ਼ਹਿਰ ਦੇ ਮੁੱਖ ਚੌਰਾਹਿਆਂ, ਬਾਜ਼ਾਰਾਂ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ ਹੈ। ਖਾਸ ਕਰਕੇ ਪਟਿਆਲਾ ਸ਼ਹਿਰ ਦੇ ਰਾਘੋਮਾਜਰਾ, ਅਨਾਰਦਾਨਾ ਚੌਕ, ਆਰੀਆ ਸਮਾਜ ਚੌਕ, ਤ੍ਰਿਪੜੀ, ਗੁਰੂਨਾਨਕ ਨਗਰ, ਬਾਬਾ ਦੀਪ ਸਿੰਘ ਨਗਰ ਵਿੱਚ ਪਾਣੀ ਭਰ ਗਿਆ ਹੈ। ਨੀਵੇਂ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਹੈ। ਇਸ ਕਾਰਨ ਲੋਕ ਕਾਫੀ ਦਹਿਸ਼ਤ ਵਿਚ ਹਨ। ਦੂਜੇ ਪਾਸੇ ਇਸ ਬਰਸਾਤ ਨੇ ਇਕ ਵਾਰ ਫਿਰ ਨਗਰ ਨਿਗਮ ਅਤੇ ਪ੍ਰਸ਼ਾਸਨ ਦੀ ਕਾਰਜਸ਼ੈਲੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ ਕਿਉਂਕਿ 10 ਜੁਲਾਈ ਦੇ ਹੜ੍ਹ ਤੋਂ ਬਾਅਦ ਸੀਵਰੇਜ ਲਾਈਨਾਂ ਅਤੇ ਨਾਲੀਆਂ ਦੀ ਸਫ਼ਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਸਭ ਖੋਖਲੇ ਸਾਬਿਤ ਹੋ ਰਹੇ ਹਨ।
ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਕਾਲਾ ਚੁੰਗੀ ਨੇੜੇ ਸ਼ੀਸ਼ਮਹਿਲ ਦੇ ਪਿੱਛੇ ਜੈਕਬ ਡਰੇਨ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ ਤਾਂ ਜੋ ਸ਼ਹਿਰ ਵਿੱਚ ਥਾਂ-ਥਾਂ ਤੋਂ ਪਾਣੀ ਦੀ ਨਿਕਾਸੀ ਹੋ ਸਕੇ। ਡੀਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੜ੍ਹ ਦੌਰਾਨ ਵੱਡੀ ਨਦੀ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫੀ ਉਪਰ ਹੋਣ ਕਾਰਨ ਇਹ ਪਾਣੀ ਵਾਪਸ ਜਾ ਕੇ ਜੈਕਬ ਡਰੇਨ ਰਾਹੀਂ ਸ਼ਹਿਰ ਵਿੱਚ ਦਾਖਲ ਨਹੀਂ ਹੋ ਸਕਦਾ ਸੀ, ਇਸ ਲਈ ਗੇਟ ਬੰਦ ਕਰ ਦਿੱਤੇ ਗਏ ਸਨ।
ਹੁਣ ਸ਼ਹਿਰ ਵਿੱਚ ਭਰੇ ਪਾਣੀ ਦੀ ਨਿਕਾਸੀ ਲਈ ਇਹ ਗੇਟ ਖੋਲ੍ਹ ਦਿੱਤੇ ਗਏ ਹਨ। ਇਹ ਪਾਣੀ ਜੈਕਬ ਡਰੇਨ ਰਾਹੀਂ ਵੱਡੀ ਨਦੀ ਵਿੱਚ ਜਾਵੇਗਾ। ਨਗਰ ਨਿਗਮ ਕਮਿਸ਼ਨਰ ਆਦਿਤਿਆ ਉੱਪਲ ਅਨੁਸਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ ਪਰ ਸੀਵਰੇਜ ਦੀਆਂ ਪਾਈਪਾਂ ਦੀ ਸਫ਼ਾਈ ਲਈ ਟੀਮਾਂ ਭੇਜ ਕੇ ਪਾਣੀ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ।