ਪੰਜਾਬ ਦੇ ਮਸ਼ਹੂਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਦੋਸ਼ੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬਕਾਇਦਾ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ 23 ਫਰਵਰੀ ਨੂੰ ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਗ੍ਰਿਫਤਾਰੀ ਤੋਂ ਬਾਅਦ ਆਸ਼ੂ ਕਰੀਬ 7 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਆਸ਼ੂ ਨੇ ਦੋਸ਼ ਲਾਇਆ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਹਾਈ ਕੋਰਟ ਵਿੱਚ ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਵਿੱਚ ਪਿਛਲੀ ਸੁਣਵਾਈ ਦੌਰਾਨ ਮੁਲਜ਼ਮ ਆਸ਼ੂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਇਸ ਮਾਮਲੇ ਵਿੱਚ ਹੁਣ ਤੱਕ ਕਿੰਨੇ ਕੇਸ ਦਰਜ ਹੋਏ ਹਨ ਅਤੇ ਕੁੱਲ ਕਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।