ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਦੇ ਸਮੇਂ ਵਿਜੀਲੈਂਸ ਟੀਮ ਜਾਂਚ ਲਈ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਕਾਰਤਿਕ ਨੂੰ ਵਿਜੀਲੈਂਸ ਟੀਮ ਨੇ ਗੋਲੀ ਮਾਰੀ ਹੈ। ਉੱਥੇ ਹੀ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਸੀ।
ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 4 ਦਿਨ ਪਹਿਲਾਂ ਸੰਜੇ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਖਿਲਾਫ ਜਾਂਚ ਕੀਤੀ ਜਾ ਰਹੀ ਸੀ। ਪੋਪਲੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਨ੍ਹਾਂ ‘ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ।