ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਨੂੰ 79 ਹੋਰ ਆਮ ਆਦਮੀ ਕਲੀਨਿਕਾਂ ਦਾ ਤੋਹਫ਼ਾ ਦੇਣਗੇ। ਹੁਣ ਤੱਕ ਕੁੱਲ 504 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 21 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਪੰਜਾਬ ਵਿੱਚ ਮੁਫ਼ਤ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ ਜਾਣਗੇ। ਹੁਣ ਸਰਕਾਰ ਆਪਣੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ।