ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿੱਖਿਆ ਕ੍ਰਾਂਤੀ ਸ਼ੁਰੂ ਹੋ ਗਈ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ‘ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਇਹ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਹੈ, ਜਿਸ ਦੀ ਸ਼ਾਨਦਾਰ ਇਮਾਰਤ ਹੈ ਅਤੇ ਸਿੱਖਿਆ ਨਾਲ ਸਬੰਧਿਤ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੈ।
ਸਕੂਲ ਦੇ ਉਦਘਾਟਨ ਤੋਂ ਬਾਅਦ ਇੱਕ ਜਨ ਸਭਾ ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਤੁਹਾਡੇ ਬੱਚਿਆਂ ਨੂੰ ਪੜ੍ਹਾਉਣਾ ਸਾਡੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇਸ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ 117 ਹੋਰ ਵਧੀਆ ਸਕੂਲ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਸਕੂਲਾਂ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ।
ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪੂਰੇ ਸਕੂਲ ਦਾ ਦੌਰਾ ਕੀਤਾ ਅਤੇ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਵਿੱਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ।