ਮੰਗਲਵਾਰ ਤੋਂ ਇੰਡੀਆ ਅਤੇ ਕੈਨੇਡਾ ਵਿਚਕਾਰ ਵਧੀ ਤਲਖ਼ੀ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਕੈਨੇਡਾ ਜਾਣ ਵਾਲਿਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਵੱਧ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ, ਨਫ਼ਰਤੀ ਅਪਰਾਧਾਂ ਅਤੇ ਅਪਰਾਧਿਕ ਹਿੰਸਾ ਦੇ ਮੱਦੇਨਜ਼ਰ, ਉੱਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ‘ਤੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ।
ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਹਾਲੀਆ ਧਮਕੀਆਂ ਨੇ ਵਿਸ਼ੇਸ਼ ਤੌਰ ‘ਤੇ ਭਾਰਤੀ ਡਿਪਲੋਮੈਟਾਂ ਅਤੇ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਨ ਵਾਲੇ ਭਾਰਤੀਆਂ ਦੇ ਵਰਗਾਂ ਨੂੰ ਨਿਸ਼ਾਨਾ ਬਣਾਇਆ ਹੈ, ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਖੇਤਰਾਂ ਤੋਂ ਬਚਣ ਅਤੇ ਸੰਭਾਵੀ ਤੌਰ ‘ਤੇ ਅਜਿਹੀਆਂ ਥਾਵਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਟਰੂਡੋ ਦੀਆਂ ਟਿੱਪਣੀਆਂ ਤੋਂ ਬਾਅਦ, ਭਾਰਤ ਅਤੇ ਕੈਨੇਡਾ ਨੇ ਇੱਕ-ਇੱਕ ਸੀਨੀਅਰ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਇਸ ਬਰਖਾਸਤਗੀ ਦੇ ਦੂਜੇ ਦਿਨ ਵਿਦੇਸ਼ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਮੁਲਾਕਾਤ ਸਿਆਸੀ ਤੌਰ ‘ਤੇ ਕਾਫੀ ਅਹਿਮ ਹੈ।