ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੇ ਵਿਰੋਧ ਵਿੱਚ ਦਰਜਨਾਂ ਭਾਰਤੀ ਅਮਰੀਕੀਆਂ ਨੇ ਵ੍ਹਾਈਟ ਹਾਊਸ ਦੇ ਸਾਹਮਣੇ ਪਾਰਕ ਲਾਫੇਏਟ ਸਕੁਏਅਰ ਵਿਖੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਨੂੰ “Save India from fascism” ਦੇ ਨਾਅਰੇ ਲਗਾਉਂਦਿਆਂ ਅਤੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਇਹ ਵਿਰੋਧ ਪ੍ਰਦਰਸ਼ਨ ਕੀਤਾ ਹੈ, ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ‘ਤੇ ਹੋ ਰਹੇ ਅਤਿਆਚਾਰ, ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਅਤੇ ਭਾਰਤ-ਪ੍ਰਸ਼ਾਸਤ ਕਸ਼ਮੀਰ ਵਿੱਚ ਸਖ਼ਤੀ ਨੂੰ ਲੈ ਕੇ PM ਮੋਦੀ ਦੀ ਨਿਖੇਧੀ ਕੀਤੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਬੀਤੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇੱਕ ਟਵੀਟ ਅਮਰੀਕੀ ਰਾਸ਼ਟਰਪਤੀ ਨੂੰ ਟੈਗ ਕਰਦਿਆਂ ਲਿਖਿਆ ਸੀ ਕਿ, “ਅਸੀਂ ਭਾਰਤੀ ਕਿਸਾਨ 3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ ਜੋ ਪੀਐਮ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਹਨ। 11 ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 700 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਸਾਨੂੰ ਬਚਾਉਣ ਲਈ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਕਿਰਪਾ ਕਰਕੇ ਪੀਐਮ ਮੋਦੀ ਨਾਲ ਮੁਲਾਕਾਤ ਕਰਦੇ ਹੋਏ ਸਾਡੀ ਚਿੰਤਾ ‘ਤੇ ਧਿਆਨ ਕੇਂਦਰਤ ਕਰੋ।” ਉੱਥੇ ਹੀ ਇੱਕ ਹੋਰ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਡੀਸੀ ਵਿੱਚ 2:30 ਵਜੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਹੋਵੇਗਾ।