ਅਮਰੀਕਾ ਦੇ ਮੈਕਸੀਕੋ ਸ਼ਹਿਰ ਵਿੱਚ ਇੱਕ ਭਾਰਤੀ ਨਾਗਰਿਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਿਕ ਕਤਲ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਨੇ ਪਹਿਲਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਇਸ ਦੇ ਨਾਲ ਹੀ ਇਸ ਘਟਨਾ ‘ਚ ਇੱਕ ਹੋਰ ਭਾਰਤੀ ਵੀ ਜ਼ਖਮੀ ਹੋਇਆ ਹੈ।
ਯੂਨੀਵਰਸਲ ਅਖਬਾਰ ਦੀ ਰਿਪੋਰਟ ਮੁਤਾਬਿਕ ਘਟਨਾ ਸ਼ਨੀਵਾਰ ਦੀ ਹੈ। ਜਦੋਂ ਮੈਕਸੀਕੋ ਸਿਟੀ ਇੰਟਰਨੈਸ਼ਨਲ ਏਅਰਪੋਰਟ ਨੇੜੇ ਭਾਰਤੀ ਨਾਗਰਿਕਾਂ ‘ਤੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਭਾਰਤੀ ਨਾਗਰਿਕ ਤੋਂ 10,000 ਅਮਰੀਕੀ ਡਾਲਰ ਲੁੱਟ ਲਏ। ਲੁੱਟ ਕਰਨ ਤੋਂ ਬਾਅਦ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੌਕੇ ‘ਤੇ ਮੌਜੂਦ ਇਕ ਹੋਰ ਭਾਰਤੀ ਨੇ ਜਦੋਂ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਸ ‘ਤੇ ਵੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ।
ਰਿਪੋਰਟ ਦੇ ਅਨੁਸਾਰ, ਭਾਰਤੀ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਨਾਲ ਹੀ ਆਪਣੇ ਮੈਕਸੀਕਨ ਹਮਰੁਤਬਾ ਤੋਂ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਨ ਦੀ ਮੰਗ ਕੀਤੀ ਹੈ। ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਮੈਕਸੀਕੋ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਇੱਕ ਭਾਰਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੂਜੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਏਅਰਪੋਰਟ ਨੇੜੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਿਕ ਮੈਕਸੀਕੋ ਸਥਿਤ ਭਾਰਤੀ ਦੂਤਾਵਾਸ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਹਾਲਾਂਕਿ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।