[gtranslate]

ਲਾਹੌਰ ‘ਚ ਭਾਰਤੀ ਸਿੱਖ ਪਰਿਵਾਰ ਨਾਲ ਵਾਪਰੀ ਵੱਡੀ ਘਟਨਾ, ਪੁਲਿਸ ਦੀ ਵਰਦੀ ‘ਚ ਬੰਦੇ ਕਰ ਗਏ ਵੱਡਾ ਕਾਰਾ, ਮਾਮਲੇ ਬਾਰੇ ਮੁੱਖ ਮੰਤਰੀ ਨਕਵੀ ਨੇ ਆਖੀ ਇਹ ਗੱਲ

indian sikh family looted

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿੱਚ ਪੁਲਿਸ ਦੀ ਵਰਦੀ ‘ਚ ਆਏ ਲੁਟੇਰਿਆਂ ਵੱਲੋਂ ਇੱਕ ਭਾਰਤੀ ਸਿੱਖ ਪਰਿਵਾਰ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਅਨੁਸਾਰ ਇਹ ਘਟਨਾ ਬੁੱਧਵਾਰ ਨੂੰ ਵਾਪਰੀ, ਜਦੋਂ ਕੰਵਲਜੀਤ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਵਾਪਿਸ ਆ ਰਹੇ ਸਨ।

ਪੁਲਿਸ ਬੁਲਾਰੇ ਅਹਿਤਾਸ਼ਾਮ ਹੈਦਰ ਨੇ ਪੀਟੀਆਈ ਨੂੰ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੀੜਤ ਪਰਿਵਾਰ ਗੁਰਦੁਆਰਾ ਸਾਹਿਬ ਤੋਂ ਵਾਪਸੀ ਦੌਰਾਨ ਖਰੀਦਦਾਰੀ ਕਰਨ ਲਈ ਲਾਹੌਰ ਦੇ ਗੁਲਬਰਗ ਇਲਾਕੇ ਦੇ ਲਿਬਰਟੀ ਮਾਰਕੀਟ ਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਰਤ ਤੋਂ ਇੱਥੇ ਆਇਆ ਇੱਕ ਸਿੱਖ ਪਰਿਵਾਰ ਜਦੋਂ ਇੱਕ ਦੁਕਾਨ ਤੋਂ ਬਾਹਰ ਆਇਆ ਤਾਂ ਪੁਲਿਸ ਦੀ ਵਰਦੀ ਵਾਲੇ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਬੰਦੂਕ ਦੀ ਨੋਕ ‘ਤੇ ਨਕਦੀ ਅਤੇ ਗਹਿਣੇ ਲੁੱਟ ਲਏ। ਉਨ੍ਹਾਂ ਦੱਸਿਆ ਕਿ ਲੁਟੇਰਿਆਂ ਨੇ ਸਿੱਖ ਪਰਿਵਾਰ ਤੋਂ ਗਹਿਣਿਆਂ ਤੋਂ ਇਲਾਵਾ 2,50,000 ਭਾਰਤੀ ਰੁਪਏ ਅਤੇ 150,000 ਪਾਕਿਸਤਾਨੀ ਰੁਪਏ ਲੁੱਟ ਲਏ।

ਹੈਦਰ ਨੇ ਕਿਹਾ ਕਿ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਨਾਲ ਹੀ ਪੀੜਤ ਪਰਿਵਾਰ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਤੁਰੰਤ ਲਾਹੌਰ ਪੁਲਿਸ ਮੁਖੀ ਤੋਂ ਰਿਪੋਰਟ ਮੰਗੀ ਹੈ। ਨਕਵੀ ਨੇ ਸੀ.ਸੀ.ਟੀ.ਵੀ. ਫੁਟੇਜ ਰਾਹੀਂ ਸ਼ੱਕੀਆਂ ਦੀ ਤੁਰੰਤ ਪਛਾਣ ਕਰਨ ‘ਤੇ ਜ਼ੋਰ ਦਿੱਤਾ ਅਤੇ ਇਸ ਵਿਚ ਸ਼ਾਮਿਲ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਘਟਨਾ ਨੂੰ ਸੁਰੱਖਿਆ ਪੱਖੋਂ ਗੰਭੀਰ ਕਮੀ ਦੱਸਦਿਆਂ 48 ਘੰਟਿਆਂ ਦੇ ਅੰਦਰ-ਅੰਦਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਨਕਵੀ ਨੇ ਕਿਹਾ ਹੈ ਕਿ ਇਹ ਲਾਪਰਵਾਹੀ ਦਾ ਮਾਮਲਾ ਹੈ। ਅਜਿਹੀ ਸਥਿਤੀ ਵਿੱਚ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਤੋਂ ਹਜ਼ਾਰਾਂ ਸਿੱਖ ਪਾਕਿਸਤਾਨ ਦੇ ਦੌਰੇ ‘ਤੇ ਹਨ।

Leave a Reply

Your email address will not be published. Required fields are marked *