ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਤੈਅ ਮੰਨਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਦੋਵਾਂ ਪਾਰਟੀਆਂ ਦੇ ਗਠਜੋੜ ਬਾਰੇ ਗੱਲ ਕੀਤੀ ਹੈ। ਉਨ੍ਹਾਂ ਇੱਕ ਵਾਰ ਫਿਰ ਪੰਜਾਬ ਦੀ ਮਾਨ ਸਰਕਾਰ ਅਤੇ ‘ਆਪ’ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਹੁਣ ਚੋਰ ਤੇ ਸਿਪਾਹੀ ਇਕੱਠੇ ਚੋਣ ਲੜਨਗੇ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦਾ ਦਾਅਵਾ ਕਰਨ ਵਾਲੀ ਆਪ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰਕੇ ਆਪਣੇ ਵਾਅਦੇ ਨਾਲ ਸਮਝੌਤਾ ਕਰ ਲਿਆ ਹੈ। ਜਿਨ੍ਹਾਂ ਕਾਂਗਰਸੀ ਆਗੂਆਂ ‘ਤੇ ਭ੍ਰਿਸ਼ਟਾਚਾਰ ਦੇ ਵੱਡੇ ਦੋਸ਼ ਹਨ, ਜਿਨ੍ਹਾਂ ਵਿਰੁੱਧ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ ਅਤੇ ਜਿਨ੍ਹਾਂ ਨੂੰ ਜੇਲ੍ਹ ਜਾਣਾ ਪਿਆ, ਉਹ ਸਾਰੇ ਹੁਣ ਪੰਜਾਬ ਸਰਕਾਰ ਨਾਲ ਮਿਲ ਕੇ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਨਾਲ ਸਮਝੌਤਾ ਕੀਤਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ (ਆਪ) ਤੋਂ ਵਿਸ਼ਵਾਸ ਉੱਠ ਚੁੱਕਾ ਹੈ। ਲੋਕਾਂ ਨੇ ਦੇਖਿਆ ਹੈ ਕਿ ਸਿਆਸੀ ਲਾਹਾ ਲੈਣ ਲਈ ਚੋਰ ਅਤੇ ਸਿਪਾਹੀ ਗਠਜੋੜ ਬਣਾ ਕੇ ਆ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਚੁਣੌਤੀਆਂ ਲਗਾਤਾਰ ਵੱਧ ਰਹੀਆਂ ਹਨ।