ਕਾਂਗਰਸ ਨੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਕਰਮਜੀਤ ਕੌਰ ਦੀ ਉਮੀਦਵਾਰੀ ਦਾ ਐਲਾਨ ਸੋਮਵਾਰ ਨੂੰ ਕੀਤਾ ਗਿਆ ਹੈ। ਸੰਤੋਖ ਚੌਧਰੀ ਦੀ ਇਸ ਸਾਲ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਨਿਯਮਾਂ ਮੁਤਾਬਕ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ‘ਤੇ 6 ਮਹੀਨਿਆਂ ਦੇ ਅੰਦਰ ਉਪ ਚੋਣ ਕਰਵਾਉਣੀ ਜ਼ਰੂਰੀ ਹੈ। ਛੇ ਮਹੀਨਿਆਂ ਦੀ ਮਿਆਦ ਜੁਲਾਈ ਵਿੱਚ ਖਤਮ ਹੁੰਦੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ਵਿੱਚ ਉਤਾਰ ਕੇ ਇਮੋਸ਼ਨਲ ਕਾਰਡ ਖੇਡਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਨੇ ਸੋਮਵਾਰ ਸਵੇਰੇ ਹੀ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਨਵੀਂ ਦਿੱਲੀ ਬੁਲਾਇਆ ਸੀ। ਉਦੋਂ ਤੋਂ ਹੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਕਾਂਗਰਸ ਪਾਰਟੀ ਉਨ੍ਹਾਂ ਨੂੰ ਉਪ ਚੋਣਾਂ ਵਿੱਚ ਉਮੀਦਵਾਰ ਬਣਾ ਸਕਦੀ ਹੈ। ਬਿਲਕੁਲ ਅਜਿਹਾ ਹੀ ਹੋਇਆ ਹੈ। ਉਨ੍ਹਾਂ ਦੇ ਨਾਂ ਦਾ ਐਲਾਨ ਸੋਮਵਾਰ ਦੁਪਹਿਰ ਨੂੰ ਕੀਤਾ ਗਿਆ ਹੈ।
ਕਰਮਜੀਤ ਕੌਰ ਦੀ ਉਮੀਦਵਾਰੀ ਸਬੰਧੀ ਪੱਤਰ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੇ ਜਨਰਲ ਸਕੱਤਰ ਮੁਕੁਲ ਵਾਸਨਿਕ ਵੱਲੋਂ ਜਾਰੀ ਕੀਤਾ ਗਿਆ। ਇਸ ਪੱਤਰ ਵਿੱਚ ਕਿਹਾ ਗਿਆ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਵੱਲੋਂ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ।