ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਜਲੰਧਰ ਲੋਕ ਸਭਾ ਉਪ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਕਿਸੇ ਲਿਟਮਸ ਟੈਸਟ ਤੋਂ ਘੱਟ ਨਹੀਂ ਹੋਵੇਗੀ। ਇਸ ਉਪ ਚੋਣ ਦਾ ਐਲਾਨ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਸਰਕਾਰ ਨੂੰ ਸੂਬਾ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਧਿਰ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਲੰਧਰ ਸੰਸਦੀ ਸੀਟ ਲਈ 10 ਮਈ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ ਹੈ। ਅਜਿਹੇ ਮਾਹੌਲ ਵਿੱਚ ਆਪ ਲਈ ਇਹ ਉਪ ਚੋਣ ਜਿੱਤਣਾ ਬਹੁਤ ਜ਼ਰੂਰੀ ਹੋਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸੰਗਰੂਰ ਲੋਕ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ‘ਆਪ’ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਸੀਟ ਤੋਂ ਜਿੱਤ ਦਰਜ ਕੀਤੀ ਸੀ। ਇਹ ਸੀਟ ਭਗਵੰਤ ਮਾਨ ਦੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਸੀ।
ਦੱਸ ਦੇਈਏ ਕਿ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਜਲੰਧਰ ਸੀਟ ਤੋਂ ਸੰਸਦ ਮੈਂਬਰ ਸਨ। ਪਰ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲੈਣ ਦੌਰਾਨ 76 ਸਾਲ ਦੀ ਉਮਰ ‘ਚ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਉਦੋਂ ਤੋਂ ਇਹ ਸੀਟ ਖਾਲੀ ਹੈ। ਕਿਉਂਕਿ ਇਹ ਸੀਟ ਕਾਂਗਰਸ ਦੇ ਹੱਥ ਸੀ, ਇਸ ਲਈ ਕਾਂਗਰਸ ਇਸ ਸੀਟ ਨੂੰ ਦੁਬਾਰਾ ਜਿੱਤਣਾ ਚਾਹੇਗੀ।