ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਸਿੱਖਾਂ ਵਿਰੁੱਧ ਹੋ ਰਹੇ ਪ੍ਰਚਾਰ ਦਾ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਸਥਿਤੀ ਪੈਦਾ ਹੋ ਰਹੀ ਹੈ, ਜਿਸ ’ਤੇ ਉਨ੍ਹਾਂ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਰਕਾਰ ਨੂੰ ਇਸ ਸਬੰਧੀ ਗੰਭੀਰ ਹੋਣ ਲਈ ਕਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਸਿੱਖਾਂ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਸਿੱਖ ਨੌਜਵਾਨ ਵੱਲੋਂ ਹਿੰਦੂ ਆਗੂ ਦੇ ਕਤਲ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਹੋਰਨਾਂ ਬਾਰੇ ਅਪਮਾਨਜਨਕ ਭਾਸ਼ਾ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿੱਖਾਂ ਨੂੰ ਘਰੋਂ ਬਾਹਰ ਕੱਢ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਿੱਖਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਭਾਰਤ ਵਿੱਚ ਦੋ ਫੀਸਦੀ ਹਨ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਚਾਹੀਦਾ ਹੈ। ਜੇਕਰ ਸਰਕਾਰਾਂ ਨੇ ਇਸ ‘ਤੇ ਰੋਕ ਨਾ ਲਾਈ ਤਾਂ ਪੰਜਾਬ ਦੇ ਹਾਲਾਤ ਵਿਗੜਨ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਵੀ ਧਰਮ ਵਿਰੁੱਧ ਨਫਰਤ ਦਾ ਪ੍ਰਚਾਰ ਨਹੀਂ ਕਰਦੇ ਪਰ ਜਦੋਂ ਕੋਈ ਗੁਰੂ ਗ੍ਰੰਥ ਸਾਹਿਬ ਜਾਂ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੀ ਆਲੋਚਨਾ ਕਰਦਾ ਹੈ ਤਾਂ ਸਿੱਖ ਭਾਵੁਕ ਹੋ ਕੇ ਬੋਲਦੇ ਹਨ। ਇਸ ਦੇ ਨਾਲ ਹੀ ਕੋਈ ਵੀ ਸੱਚਾ ਸਿੱਖ ਦੂਜੇ ਧਰਮਾਂ ਬਾਰੇ ਮਾੜੇ ਸ਼ਬਦ ਜਾਂ ਕੂੜ ਪ੍ਰਚਾਰ ਨਹੀਂ ਕਰਦਾ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ।