ਭਾਰਤ ਅਤੇ ਕੈਨੇਡਾ ਵਿਚਕਾਰ ਤਲਖ਼ੀ ਵੱਧਦੀ ਹੋਈ ਨਜ਼ਰ ਆ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ। ਹਾਲਾਂਕਿ ਭਾਰਤ ਸਰਕਾਰ ਨਿੱਝਰ ਦੇ ਕਤਲ ਦੇ ਦੋਸ਼ਾਂ ਨੂੰ ਨਕਾਰਦੀ ਰਹੀ ਹੈ। ਟਰੂਡੋ ਦੇ ਇਸ ਬਿਆਨ ਤੋਂ ਬਾਅਦ ਹੁਣ ਭਾਰਤ ਸਰਕਾਰ ਦੇ ਜਵਾਬ ਦੀ ਉਡੀਕ ਹੈ। ਨਿੱਝਰ ਦੇ ਕਤਲ ਵਿੱਚ ਭਾਰਤ ਦੀ ਭੂਮਿਕਾ ਦੀ ਜਾਂਚ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਦੇ ਚੋਟੀ ਦੇ ਡਿਪਲੋਮੈਟ ਨੂੰ ਵੀ ਬਰਖ਼ਾਸਤ ਕਰ ਦਿੱਤਾ ਹੈ।
ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰੂਦੁਆਰਾ ਸਾਹਿਬ ਦੇ ਬਾਹਰ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਟਰੂਡੋ ਨੇ ਕਿਹਾ ਕਿ, “ਕੈਨੇਡੀਅਨ ਏਜੰਸੀਆਂ ਨੇ ਪੁਖਤਾ ਤੋੜ ‘ਤੇ ਪਤਾ ਕੀਤਾ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ।” ਕੈਨੇਡੀਅਨ ਪੀਐਮ ਨੇ ਕਿਹਾ ਕਿ ਉਨ੍ਹਾਂ ਨੇ ਜੀ-20 ਸੰਮੇਲਨ ਦੌਰਾਨ ਪੀਐਮ ਮੋਦੀ ਕੋਲ ਵੀ ਇਹ ਮੁੱਦਾ ਚੁੱਕਿਆ ਸੀ। ਟਰੂਡੋ ਨੇ ਕੈਨੇਡੀਅਨ ਸੰਸਦ ਵਿੱਚ ਕਿਹਾ, “ਸਾਡੇ ਦੇਸ਼ ਦੀ ਧਰਤੀ ‘ਤੇ ਇੱਕ ਕੈਨੇਡੀਅਨ ਨਾਗਰਿਕ ਦੇ ਕਤਲ ਪਿੱਛੇ ਕਿਸੇ ਵਿਦੇਸ਼ੀ ਸਰਕਾਰ ਦਾ ਹੱਥ ਹੋਣਾ ਅਸਵੀਕਾਰਨਯੋਗ ਹੈ ਅਤੇ ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ।”
ਟਰੂਡੋ ਨੇ ਕਿਹਾ, “ਇਹ ਉਨ੍ਹਾਂ ਬੁਨਿਆਦੀ ਨਿਯਮਾਂ ਦੇ ਵਿਰੁੱਧ ਹੈ ਜਿਨ੍ਹਾਂ ਦੇ ਤਹਿਤ ਉਹ ਜਮਹੂਰੀ, ਆਜ਼ਾਦ ਅਤੇ ਖੁੱਲ੍ਹੇ ਸਮਾਜ ਕੰਮ ਕਰਦੇ ਹਨ।” ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸੋਮਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਾਰਨ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢ ਦਿੱਤਾ ਗਿਆ ਹੈ।