ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮੰਗਲਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਬਾਅਦ ਅਦਾਕਾਰਾ ਨੇ ਪੁਲਿਸ ਨੂੰ ਧਮਕੀ ਦੇਣ ਵਾਲੇ ਬਠਿੰਡਾ ਦੇ ਇੱਕ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਇਸ ਗੱਲ ਨੂੰ ਕੰਗਨਾ ਨੇ ਖੁਦ ਸੋਸ਼ਲ ਮੀਡੀਆ ਪੋਸਟ ਰਾਹੀਂ ਸ਼ੇਅਰ ਕੀਤਾ ਹੈ।
ਇਸ ਪੋਸਟ ਵਿੱਚ ਕੰਗਨਾ ਨੇ ਐਫਆਈਆਰ ਦੀ ਕਾਪੀ ਵੀ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਇੱਕ ਲੰਮਾ ਨੋਟ ਵੀ ਸਾਂਝਾ ਕੀਤਾ ਹੈ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਮਨਾਲੀ ਪੁਲਿਸ ਸਟੇਸ਼ਨ ਵਿੱਚ ਇੱਕ ਸ਼ਿਕਾਇਤ ਪੱਤਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਵਿਅਕਤੀ ਖਿਲਾਫ਼ ਪੁਲਿਸ ਵੱਲੋਂ ਧਾਰਾ 295A, 504, 505, 506, 509 IPC ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਕੁੱਲੂ ਦੇ SP ਗੁਰਦੇਵ ਸ਼ਰਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ।